ਅੰਮ੍ਰਿਤਸਰ:ਸਿੱਖ ਆਗੂ ਦਵਿੰਦਰ ਸਿੰਘ ਮੁਕੇਰੀਆਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇਕ ਮੰਗ ਪੱਤਰ ਲੈ ਕੇ ਪਹੁੰਚੇ ਇਹ ਜਾਣਕਾਰੀ ਦਿੰਦੇ ਹੋਏ ਦਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਚਿਰ ਤੋਂ ਵਾਇਰਲ ਹੋ ਰਹੀ ਹੈ। ਜਿਸ ਵਿਚ ਠਾਕੁਰ ਉਦੇ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰ ਦੀ ਗੱਦੀ ਲਗਾ ਕੇ ਬੈਠੇ ਹਨ ਅਤੇ ਜਿਸ ਦੀ ਸ਼ਿਕਾਇਤ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਉਹਨਾਂ ਵੱਲੋਂ ਕੀਤੀ ਜਾ ਚੁੱਕੀ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਵੀ ਐਕਸ਼ਨ ਨਹੀਂ ਲਿਆ ਗਿਆ।
ਸੰਗਤਾਂ ਨਾਮਧਾਰੀ ਡੇਰੇ ਵੱਲ ਨੂੰ ਕੂਚ ਕਰਨਗੀਆਂ: ਉਨ੍ਹਾਂ ਕਿਹਾ ਕਿ ਅੱਜ ਅਸੀਂ ਫੇਰ ਮੁੜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਆਏ ਹਾਂ ਜੇਕਰ ਹੁਣ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਮਧਾਰੀ ਸੰਪਰਦਾ ਦੇ ਮੁਖੀ ਦੇ ਉੱਤੇ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅੱਜ ਤੋਂ 15 ਦਿਨ ਬਾਅਦ ਜਥੇ ਦੇ ਰੂਪ ਵਿੱਚ ਸਿੱਖ ਸੰਗਤਾਂ ਨਾਮਧਾਰੀ ਡੇਰੇ ਵੱਲ ਨੂੰ ਕੂਚ ਕਰਨਗੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਡੇਰੇ ਤੋਂ ਲੈਕੇ ਆਉਣਗੀਆਂ। ਇਸ ਦੇ ਨਾਲ ਹੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਰਿਆਣਾ ਵਿੱਚ ਗੁਰਦੁਆਰਾ ਸਾਹਿਬ ਅੰਦਰ ਮੂਰਤੀਆਂ ਦੀ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਉਸ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਇਸ ਦਾ ਫੈਸਲਾ ਕਰਨਗੀਆਂ।