ਅੰਮ੍ਰਿਤਸਰ :ਸੂਬੇ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਹੋਏ ਨਜ਼ਰ ਆ ਰਹੇ ਹਨ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਵਿੱਚ ਬੇਅਦਬੀ ਦੀ ਘਟਨਾ ਸੁਣਨ ਨੂੰ ਮਿਲਦੀ ਹੈ, ਜਿਸ ਨਾਲ ਨਾਨਕ ਨਾਮ ਲੇਵਾ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਗਰਵਾਲ਼ੀ ਪਿੰਡ ਦਾ, ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਘਰ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ, ਜਦੋਂ ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਆਪਣੇ ਸਾਥੀ ਸਿੰਘਾਂ ਦੇ ਨਾਲ ਇਥੇ ਪਹੁੰਚ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਜ਼ਦੀਕ ਗੁਰਦੁਆਰਾ ਸਾਹਿਬ ਵਿੱਚ ਪੁੰਹਚਾਏ।
ਇਸ ਮਗਰੋਂ ਉਸ ਵਿਅਕਤੀ ਤੇ ਕਾਰਵਾਈ ਦੇ ਲਈ ਚਾਟੀਵਿੰਡ ਥਾਣਾ ਪੁਲਿਸ ਨੂੰ ਦਰਖਾਸਤ ਦਿੱਤੀ ਅਤੇ ਕਰੀਬ ਚਾਰ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਵੱਲੋਂ ਮੁਲਜ਼ਮਾਂ ਉਤੇ ਕਿਸੇ ਵੀ ਤਰੀਕੇ ਦੀ ਕੋਈ ਕਾਰਵਾਈ ਨਾ ਕੀਤੀ ਗਈ। ਮਜਬੂਰਨ ਫਿਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਕੱਠ ਕਰ ਕੇ ਅੰਮ੍ਰਿਤਸਰ ਦਿਹਾਤੀ ਐਸਐਸਪੀ ਨੂੰ ਮਿਲਣ ਪਹੁੰਚੀਆਂ। ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਦੋ ਦਿਨਾਂ ਦੇ ਅੰਦਰ ਮੁਲਜ਼ਮ ਬਾਜ਼ ਸਿੰਘ ਖ਼ਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।