ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਰੈਫ਼ਰੈਂਸ ਲਾਇਬ੍ਰਰੀ 'ਚੋਂ ਗਾਇਬ ਹੋਏ ਦਸਤਾਵੇਜ਼ਾਂ ਦੇ ਮਾਮਲੇ 'ਚ ਇੱਕ ਉੱਚ ਪੱਧਰੀ ਜਾਂਚ ਕਮੇਟੀ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਕਮੇਟੀ ਵਿੱਚ ਵੱਡੀਆਂ ਨਿਰਪੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।
ਲੌਂਗੋਵਾਲ ਨੇ ਕੀਤਾ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਦੌਰਾ - ਅੰਮ੍ਰਿਤਸਰ
ਸਾਕਾ ਨੀਲਾ ਤਾਰਾ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਗਾਇਬ ਹੋਏ ਦਸਤਾਵੇਜ਼ਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਲੌਂਗੋਵਾਲ ਨੇ ਦਸਤਾਵੇਜ਼ਾਂ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਬਣਾਉਣ ਦੀ ਗੱਲ ਆਖੀ ਹੈ।
ਇਸ ਬਾਰੇ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੌਮ ਦੀ ਅਮਾਨਤ ਹੈ ਤੇ ਇਹ ਸਿੱਖ ਕੌਮ ਨੂੰ ਸਮੁੱਚੇ ਰੂਪ ਵਿੱਚ ਵਾਪਸ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਤੋਂ ਮੀਡੀਆ ਦੇ ਇੱਕ ਹਿੱਸੇ ਵੱਲੋਂ ਲਾਇਬ੍ਰੇਰੀ ਦਾ ਸਮਾਨ ਵਾਪਸ ਆਉਣ ਦੀਆਂ ਖ਼ਬਰਾਂ ਨਸ਼ਰ ਕੀਤੀਆਂ ਗਈਆਂ, ਜਦਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਅਤੇ ਲਾਇਬ੍ਰੇਰੀ ਦੇ ਰਿਕਾਰਡ ਅਨੁਸਾਰ ਵੱਡੀ ਗਿਣਤੀ ਵਿੱਚ ਸਾਹਿਤਕ ਸਰਮਾਇਆ ਹਾਲੇ ਤੱਕ ਵਾਪਸ ਨਹੀਂ ਆਇਆ।
ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਾਪਸ ਆਏ ਸਮਾਨ ਬਾਰੇ ਜਾਂਚ ਦੌਰਾਨ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਜੇ ਖ਼ਬਰਾਂ ਦੇ ਤੱਥ ਗ਼ਲਤ ਸਾਬਿਤ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤਾਂ ਖ਼ਿਲਾਫ਼ ਵੀ ਮੁਕੱਦਮਾ ਦਰ ਕੀਤਾ ਜਾਵੇਗਾ।