ਚੰਡੀਗੜ੍ਹ: ਵਿਸ਼ਵ ਭਰ ’ਚ ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ 487ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਗੁਰੂ ਘਰਾਂ ਵਿਖੇ ਹਾਜ਼ਰੀ ਲਵਾ ਰਹੀਆਂ ਹਨ।
ਜਨਮ ਤੇ ਮਾਤਾ-ਪਿਤਾ
ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ ਜਨਮ 1534 ਈਸਵੀ ਨੂੰ ਪਿਤਾ ਸ੍ਰੀ ਹਰਦਾਸ ਜੀ ਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਚੂਨਾ ਮੰਡੀ, ਲਾਹੌਰ ਵਿਖੇ ਹੋਇਆ। ਆਪ ਜੀ ਦਾ ਨਾਂ ਜੇਠਾ ਰੱਖਿਆ ਗਿਆ। ਬਾਲ ਅਵਸਥਾ ਵਿੱਚ ਹੀ ਆਪ ਜੀ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉੱਠ ਗਿਆ।
ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ, ਜਿਥੇ ਗ਼ਰੀਬੀ ਦੀ ਹਾਲਤ ਵਿਚ ਆਪ ਘੁੰਗਣੀਆਂ ਵੇਚ ਕੇ ਉਪਜੀਵਕਾ ਕਮਾਉਂਦੇ ਰਹੇ।
ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦੇ, ਗੁਰੂ-ਘਰ ਦੀ ਨਿਸ਼ਕਾਮ ਸੇਵਾ ਵੀ ਡੱਟ ਕੇ ਕਰਦੇ, ਪਰ ਆਪਣਾ ਨਿਰਬਾਹ ਘੁੰਗਣੀਆਂ ਵੇਚ ਕੇ ਹੀ ਕਰਦੇ।
ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ।
ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਆਪ ਜੀ ਨੇ ਲੋਕ ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਆਪ ਨੂੰ ਸੇਵਾ ਕਰਦਿਆਂ ਵੇਖ ਕੇ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ।
ਉਨ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਵੀ ਉਲਾਂਭਾ ਦਿੱਤਾ ਤਾਂ ਗੁਰੂ ਜੀ ਨੇ ਕਿਹਾ ਕਿ ਸ੍ਰੀ ਰਾਮਦਾਸ ਦੇ ਸਿਰ ‘ਤੇ ਮਿੱਟੀ ਦੀ ਟੋਕਰੀ ਨਹੀਂ ਹੈ, ਸਗੋਂ ਦੀਨ-ਦੁਨੀਆਂ ਦਾ ਛਤਰ ਹੈ। ਗੁਰੂ ਸਾਹਿਬ ਦਾ ਇਹ ਪਵਿੱਤਰ ਬਚਨ ਸੱਚ ਹੋ ਨਿਬੜਿਆ।
ਗੁਰਗੱਦੀ