ਅੰਮ੍ਰਿਤਸਰ: ਬੀਤੀ ਰਾਤ ਪੰਜਾਬ ਭਰ 'ਚ ਚਲੀ ਤੇਜ਼ ਹਨੇਰੀ ਅਤੇ ਮੋਹਲੇਧਾਰ ਬਾਰਿਸ਼ ਹੋਣ ਨਾਲ ਕਿਸਾਨਾਂ ਦੀ ਮੱਕੀ ਦੀ ਫਸਲ ਖ਼ਰਾਬ ਹੋ ਜਾਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋ ਮੰਡੀ 'ਚ ਪੁਖਤਾ ਪ੍ਰਬੰਧ ਨਾ ਹੋਣ ਦੇ ਦੋਸ਼ ਲਗਾਏ ਗਏ ਹਨ ਤੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਇਸ ਸੰਬੰਧੀ ਅੱਜ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਕੱਲ ਆਪਣੀ ਮੱਕੀ ਦੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ ਤਾਂ ਬਰਸਾਤ ਹੋਣ ਨਾਲ ਮੰਡੀ ਵਿੱਚ ਮੱਕੀ ਦੀਆਂ ਸਾਰੀਆਂ ਢੇਰੀਆਂ ਖ਼ਰਾਬ ਹੋ ਗਈਆਂ ਹਨ।ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਢੁਕਵਾਂ ਪ੍ਰਬੰਧ ਨਾ ਹੋਣ ਕਰਕੇ ਸਾਡੀ ਬੱਚਿਆਂ ਵਾਂਗ ਪਾਲੀ ਹੋਈ ਫਸਲ ਬਰਬਾਦ ਹੋ ਗਈ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਬਹੁਤ ਵੱਡੇ-ਵੱਡੇ ਵਾਅਦੇ ਕਰਦੀ ਸੀ ਕਿ ਕਿਸਾਨਾਂ ਦੀਆਂ ਫਸਲਾਂ ਮੰਡੀਆਂ 'ਚ ਰੁਲਣ ਨਹੀਂ ਦਿੱਤੀਆਂ ਜਾਣਗੀਆਂ ਕਿਸਾਨਾਂ ਦਾ ਇੱਕ ਇੱਕ ਦਾਣਾ ਮੰਡੀ ਵਿੱਚੋਂ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੰਡੀਆਂ 'ਚ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਜੋ ਬਰਸਾਤ ਵਿੱਚ ਫਸਲ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਹੋ ਸਕੇ।