ਅੰਮ੍ਰਿਤਸਰ: ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲੰਬੇ ਸਮੇਂ ਤੋਂ ਮੋਹਾਲੀ ਵਿਖੇ ਮੋਰਚਾ ਚੱਲ ਰਿਹਾ ਹੈ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ। ਗੁਰਦੀਪ ਸਿੰਘ ਖੇੜਾ ਬੰਦੀ ਸਿੰਘ ਦੀ ਸਿਹਤ ਸਹੀ ਨਾ ਹੋਣ ਕਰਕੇ ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਹੋਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇ ਹਸਪਤਾਲ ਵਿੱਚ ਪਹੁੰਚੇ।
ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ: ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉੱਠਦੀ ਆ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਂ ਦਾ ਨਾਅਰਾ ਮਾਰਿਆ ਸੀ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਜਿਨ੍ਹਾਂ ਦੇ ਮਗਰ ਸਿਰਫ ਉਹਨਾਂ ਦੀ ਧਰਮ ਪਤਨੀ ਹੈ ਅਤੇ ਇਹਨਾਂ ਤੋਂ ਸਰਕਾਰ ਨੂੰ ਕੀ ਖਤਰਾ ਹੋ ਸਕਦਾ।