ਅੰਮ੍ਰਿਤਸਰ: ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਇੱਕ ਮਹੀਨੇ ਲਈ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ 'ਤੇ ਇਤਰਾਜ਼ ਅਤੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਈਮਾਨ ਸਿੰਘ ਮਾਨ ਨੇ ਕਿਹਾ ਕਿ ਕੋਰਟ ਵੱਲੋਂ ਸੈਣੀ ਨੂੰ ਰਾਹਤ ਦੇਣਾ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੁਮੇਧ ਸੈਣੀ ਨੇ ਹਜ਼ਾਰਾਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਅਤੇ ਕਾਨੂੰਨ ਤੋਂ ਬਾਹਰ ਜਾ ਕੇ ਅਣਮਨੁੱਖੀ ਕਰਤੂਤਾਂ ਕੀਤੀਆਂ ਜੋ ਕਿ ਸਹਿਣਯੋਗ ਨਹੀਂ ਹਨ। ਅਜਿਹੇ ਕਾਤਲ ਬਾਰੇ ਫੈਸਲਾ ਲੈਣ ਵੇਲੇ ਸੁਪਰੀਮ ਕੋਰਟ ਵੱਲੋਂ ਗੰਭੀਰਤਾ ਨਾ ਦਿਖਾਉਣਾ ਸਿੱਖਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।