ਅੰਮ੍ਰਿਤਸਰ:ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat da Bhala Charitable Trust) ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਿਤ 35 ਸਾਲਾ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ (Sri Guru Ramdas International Airport) ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਵਾ ਸਾਲ ਪਹਿਲਾਂ ਹੀ ਦੁਬਈ (dubai) ਆਇਆ ਸੀ, ਕਿ ਬਦਕਿਸਮਤੀ ਨਾਲ ਬੀਤੀ 5 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ।
ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਦੁਬਈ (dubai) ਰਹਿੰਦੀ ਭੈਣ, ਦੋਸਤਾਂ ਤੇ ਹੋਰ ਹਮਦਰਦਾਂ ਨੇ ਸਾਂਝੇ ਰੂਪ 'ਚ ਕੀਤਾ ਹੈ।