ਅੰਮ੍ਰਿਤਸਰ: ਕੇਂਦਰੀ ਸਿੱਖ ਅਜਾਇਬ ਘਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਨਿਭਾਈ।
ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ ਅਤੇ ਕਿਸੇ ਸ਼ਖ਼ਸੀਅਤ ਦੀ ਤਸਵੀਰ ਦਾ ਇਥੇ ਸੁਸ਼ੋਭਿਤ ਹੋਣਾ ਵੱਡਾ ਸਨਮਾਨ ਹੈ। ਉਨ੍ਹਾਂ ਸਿੱਖ ਕੌਮ ਦੀਆਂ ਚਾਰੇ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਦੇ ਫੈਸਲੇ ਲਈ ਬੀਬੀ ਜਗੀਰ ਕੌਰ ਅਤੇ ਅੰਤ੍ਰਿੰਗ ਕਮੇਟੀ ਦਾ ਧੰਨਵਾਦ ਕੀਤਾ।