ਅੰਮ੍ਰਿਤਸਰ: ਤਰਨ ਤਾਰਨ ਦੇ ਪਿੰਡ ਕਸੇਲ ਦੇ ਲੋਕਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਹੈ। ਮੰਗਲਵਾਰ ਨੂੰ ਸੌਂਪੇ ਮੰਗ ਪੱਤਰ ਵਿੱਚ ਲੋਕਾਂ ਨੇ ਮੰਗ ਕੀਤੀ ਕਿ ਪਿੰਡ ਵਿਖੇ ਬਾਬਾ ਸੁਬੇਗ ਸਿੰਘ ਅਤੇ ਬਾਬਾ ਰਾਜਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦਾ ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਇਆ ਜਾ ਰਿਹਾ ਹੈ, ਜਿਸਦੀ ਜਾਂਚ ਕੀਤੀ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਦੀ ਅਗਵਾਈ ਕਰ ਰਹੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਜਥੇਦਾਰ ਨੂੰ ਮੰਗ ਕੀਤੀ ਗਈ ਹੈ ਕਿ ਬਾਬਾ ਸੁਬੇਗ ਸਿੰਘ ਅਤੇ ਬਾਬਾ ਰਾਜਪਾਲ ਜੋ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸੰਗਤਾਂ ਨੂੰ ਗੁਮਰਾਹ ਕਰ ਝੂਠੇ ਇਤਿਹਾਸਕ ਤੱਥਾਂ ਦੇ ਆਧਾਰ 'ਤੇ ਗੁਰਦੁਆਰਾ ਉਸਾਰਿਆ ਜਾ ਰਿਹਾ ਹੈ, ਦੇ ਨਿਰਮਾਣ ਸਬੰਧੀ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਿੰਡ ਵਿੱਚ 16 ਗੁਰਦੁਆਰਾ ਸਾਹਿਬ ਮੌਜੂਦ ਹਨ ਅਤੇ ਪਿੰਡ ਵਾਸੀਆਂ ਦੀ ਉਨ੍ਹਾਂ ਪ੍ਰਤੀ ਪੂਰੀ ਸ਼ਰਧਾ ਭਾਵਨਾ ਹੈ।