ਅੰਮ੍ਰਿਤਸਰ:ਦੇਸ਼ ਭਰ 'ਚ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਅਕਸਰ ਹੀ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਵੱਡੇ-ਵੱਡੇ ਜਾਮ 'ਚ ਫੱਸਣ ਕਾਰਨ ਲੋਕਾਂ ਦਾ ਕਾਫ਼ੀ ਸਮਾਂ ਖ਼ਰਾਬ ਹੁੰਦਾ ਹੈ। ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਅੰਦਰ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦੇਣ ਲਈ ਡੀ.ਸੀ.ਪੀ. ਲਾਅ–ਐਂਡ–ਆਰਡਰ, ਪਰਮਿੰਦਰ ਸਿੰਘ ਭੰਡਾਲ ਵੱਲੋ ਪ੍ਰੈਸ ਕਾਨਫਰੰਸ ਕੀਤੀ ਗਈ । ਉਹਨਾਂ ਕਿਹਾ ਕਿ ਟ੍ਰੈਫਿਕ ਦੀ ਨਿਗਰਾਨੀ ਲਈ ਸ਼ਹਿਰ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਕਰੀਬ 500 ਟ੍ਰੈਫਿਕ ਕਰਮਚਾਰੀਆਂ ਨੂੰ ਟ੍ਰੈਫਿਕ ਰੈਗੂਲੇਟ ਕਰਨ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਉੱਤੇ ਤਾਇਨਾਤ ਕੀਤਾ ਗਿਆ । ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਨਕੇਲ ਕੱਸਣ ਅਤੇ ਚਲਾਣ ਕਰਨ ਲਈ 70 ਮੋਟਰਸਾਈਕਲ ਅਤੇ 6 ਇੰਸਪੈਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਉਹਨਾਂ ਦੱਸਿਆ ਕਿ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਮੇਂ-ਸਮੇਂ ਉੱਤੇ ਸੈਮੀਨਾਰ ਲਗਾਏ ਜਾ ਰਹੇ ਹਨ ਇਸ ਤੋਂ ਇਲਾਵਾ ਟੈਕਸੀ ਆਟੋ ਡਰਾਈਵਰਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ।ਇੰਨਾਂ ਹੀ ਨਹੀਂ ਸੜਕ ਕਿਨਾਰੇ, ਫੁੱਟਪਾਥਾਂ ਅਤੇ ਵਹੀਕਲਾ ਦੀ ਗਲਤ ਪਾਰਕਿੰਗ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਨਗਰ ਨਿਗਮ, ਅੰਮ੍ਰਿਤਸਰ ਨਾਲ ਸਾਂਝੇ ਤੌਰ ਉੱਤੇ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਿੱਚ ਆਉਣ-ਜਾਣ ਵਾਲਿਆਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਨਾ ਕਰਨਾ ਪਵੇ।ਉਹਨਾਂ ਕਿਹਾ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਸਮਾਨ ਦੁਕਾਨ ਦੀ ਹਦੂਦ ਅੰਦਰ ਹੀ ਰੱਖਣ ਅਤੇ ਇਸ਼ਤਿਹਾਰੀ ਬੋਰਡ ਨੂੰ ਫੁੱਟਪਾਥ ਉੱਤੇ ਨਾ ਰੱਖਣ ਤਾਂ ਜੋ ਪੈਦਲ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।