ਚੰਡੀਗੜ੍ਹ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੋਸ਼ਿਸ਼ ਕੀਤੀ ਜਾ ਗਈ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਜੋਆਣਾ ਨੂੰ ਜ਼ਿੰਦਾ ਸ਼ਹੀਦ ਦਾ ਦਰਜ ਦਿੱਤਾ ਗਿਆ ਹੈ। ਸਿੱਖ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ 'ਤੇ ਜਾਣ ਇਸ ਲਈ ਉਨ੍ਹਾਂ ਨੂੰ ਰੋਕਣ ਲਈ ਇੱਕ ਵਾਰ ਵਫ਼ਦ ਉਨ੍ਹਾਂ ਨਾਲ ਮੁਲਾਕਾਤ ਕਰੇਗਾ। SGPC Delegation Meet Rajoana to stop hunger strike
ਅਕਾਲੀ ਦਲ ਵਫ਼ਦ ਨੂੰ ਰੋਕਿਆ:ਖਬਰ ਹੈ ਕਿ ਰਾਜੋਆਣਾ ਨਾਲ ਮੁਲਾਕਾਤ ਕਰਨ ਗਏ ਅਕਾਲੀ ਦਲ ਵਫ਼ਦ ਨੂੰ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਰੋਕ ਦਿੱਤਾ ਅਤੇ ਮੁੁਲਾਕਾਤ ਦੀ ਮਨਜ਼ੂਰੀ ਨਹੀਂ ਦਿੱਤੀ। ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਮੁਲਾਕਾਤ ਕਰਨ ਲਈ ਜੇਲ੍ਹ ਪਹੁੰਚੇ ਸੀ, ਪਰ ਮੁਲਾਕਾਤ ਹੋ ਨਹੀਂ ਪਾਈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨਿੰਦਾ ਕਰਦਿਆ ਕਿਹਾ ਕਿ ਜੇ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ, ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਐਸਜੀਪੀਸੀ ਅਤੇ ਅਕਾਲੀ ਦਲ ਤੋਂ ਨਾਖੁਸ਼:ਇਥੇ ਇਹ ਵੀ ਦੱਸਣਯੋਗ ਹੈ ਕਿ ਰਾਜੋਆਣਾ ਐਸਜੀਪੀਸੀ ਅਤੇ ਅਕਾਲੀ ਦਲ ਵੱਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਖੁਸ਼ ਹਨ। ਇਸ ਲਈ ਉਨ੍ਹਾਂ ਨੇ ਇੱਕ ਚਿਠੀ ਜਾਰੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੇਰੀ ਫਾਂਸੀ ਦੀ ਸਜ਼ਾ ਮੁਆਫ ਕਰਨ ਵਾਲੀ ਅਰਜੀ ਨੂੰ ਵਾਪਿਸ ਲਿਆ ਜਾਵੇ।
2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਸ ਲੈ ਲਵੇ:ਦੱਸ ਦਈਏ ਕਿ ਉਨ੍ਹਾਂ ਦੀ ਰਿਹਾਈ ਅਤੇ ਸਜ਼ਾ ਮੁਆਫੀ ਦੀ ਅਪੀਲ ਪਿੱਛਲੇ ਕਈ ਸਾਲਾਂ ਤੋਂ ਪੈਂਡਿੰਗ ਪਈ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਹੁਣ ਇਸ ਵਿੱਚ ਦਖਲ ਦੇਣਾ ਪੈ ਰਿਹਾ ਹੈ। ਰਾਜੋਆਣਾ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਸ ਲੈ ਲਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਉਨ੍ਹਾਂ ਦੀ ਮੌਤ ਦੀ ਸਜ਼ਾ 'ਤੇ ਇਕਪਾਸੜ ਫੈਸਲਾ ਲੈਣਾ ਚਾਹੀਦਾ ਹੈ। ਉਹ ਅਕਾਲੀ ਦਲ ਤੋਂ ਇਸ ਗੱਲੋਂ ਵੀ ਨਾਰਾਜ਼ ਹਨ ਕਿ 10 ਸਾਲ ਰਾਜ ਅਤੇ ਕੇਂਦਰ ਵਿੱਚ ਇਕੱਠੇ ਰਹਿਣ ਦੇ ਬਾਵਜੂਦ ਉਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਉਸ ਦੀ ਸਜ਼ਾ ਬਾਰੇ ਕੋਈ ਫੈਸਲਾ ਲਿਆ ਗਿਆ।
ਸ਼੍ਰੋਮਣੀ ਕਮੇਟੀ ਦੱਸੇਗੀ ਭਵਿੱਖ ਦੀ ਰਣਨੀਤੀ :ਜ਼ਿਕਰਯੋਗ ਹੈ ਕਿ ਇਸ ਸਬੰਧੀ ਬੀਤੇ ਦਿਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਸੀ, ਜਿਸ ਵਿੱਚ ਸਾਰੀ ਰਣਨੀਤੀ ਦੀ ਗੱਲ ਆਖੀ ਗਈ ਸੀ। ਸ਼੍ਰੋਮਣੀ ਕਮੇਟੀ ਅੱਜ ਯਾਨੀ ਸੋਮਵਾਰ ਨੂੰ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜਾ ਰਹੀ ਹੈ ਅਤੇ ਉਨ੍ਹਾਂ ਤੋਂ 5 ਦਸੰਬਰ ਨੂੰ ਹੜਤਾਲ ਨਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐਸਜੀਪੀਸੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਬਾਰੇ ਦੱਸੇਗੀ, ਤਾਂ ਜੋ ਰਾਜੋਆਣਾ ਨੂੰ ਐਸਜੀਪੀਸੀ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਹ ਹੜਤਾਲ ’ਤੇ ਜਾਣ ਦਾ ਆਪਣਾ ਫੈਸਲਾ ਬਦਲ ਸਕਣ।
20 ਦਸੰਬਰ ਨੂੰ ਦਿੱਲੀ 'ਚ ਕੱਢਿਆ ਜਾਵੇਗਾ ਰੋਸ ਮਾਰਚ :ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਸਿੱਖ ਜਥੇਬੰਦੀਆਂ,ਐਨਆਰਆਈ ਸਿੱਖਾਂ ਅਤੇ ਕਿਸਾਨ ਜਥੇਬੰਦੀਆਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਉਹ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸਾਰੇ 26 ਲੱਖ ਭਰੇ ਫਾਰਮ ਸੌਂਪਣਗੇ। ਇਹ ਉਹੀ ਫਾਰਮ ਹਨ, ਜੋ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਵੱਲੋਂ ਭਰੇ ਗਏ ਸਨ।