ਅੰਮ੍ਰਿਤਸਰ :ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਸ ਮੌਕੇ, ਜਿੱਥੇ ਉਨ੍ਹਾਂ ਨੇ ਭਾਜਪਾ ਵਿੱਚ ਕਈ ਹੋਰ ਪਾਰਟੀਆਂ ਦੇ ਲੋਕਾਂ ਦੀ ਸ਼ਮੂਲੀਅਤ ਕਰਵਾਈ, ਉੱਥੇ ਹੀ, ਪੱਤਰਕਾਰਾਂ ਸਾਹਮਣੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੇ ਬਦਲਾਅ ਦੇ ਵਹਿਮਾਂ ਭਰਮਾਂ ਵਿੱਚ ਪੈ ਕੇ ਨਵੀਂ ਪਾਰਟੀ ਨੂੰ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੱਤਾ ਸੌਂਪੀ ਗਈ ਸੀ। ਉਨ੍ਹਾਂ ਦੇ ਸ਼ਾਸਨ 'ਚ ਲੋਕਾਂ ਦਾ ਦੂਜੀਆਂ ਪਾਰਟੀਆਂ 'ਚ ਜਾਣਾ ਆਮ ਗੱਲ ਨਹੀਂ ਹੈ, ਪਰ ਇਹ ਸਿਲਸਿਲਾ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ ਪਹਿਲਾਂ ਹੋਰ ਅਕਾਲੀ ਦਲ ਦੇ ਸੀਨੀਅਰ ਨੇਤਾ ਭਾਜਪਾ ਵਿੱਚ ਸ਼ਾਮਲ ਹੋਏ ਸਨ, ਉਸੇ ਤਹਿਤ ਹੁਣ ਅੰਮ੍ਰਿਤਸਰ ਵਿੱਚ ਹੋਰ ਲੋਕਾਂ ਨੇ ਭਾਜਪਾ ਨੂੰ ਅਪਨਾਇਆ ਹੈ। ਉਨ੍ਹਾਂ ਕਿਹਾ ਸੋਮਵਾਰ ਨੂੰ ਜਲੰਧਰ ਵਿੱਚ ਵੀ ਹੋਰ ਪਾਰਟੀਆਂ ਦੇ ਨੇਤਾ ਭਾਜਪਾ ਦਾ ਪੱਲ੍ਹਾ ਫੜ੍ਹਣਗੇ।
ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਸਵਾਲ : ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕਦੇ ਹੋਏ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਗੈਂਗਸਟਰਾਂ ਦੇ ਕਹਿਰ ਦਾ ਸੇਕ ਝੱਲ ਰਿਹਾ ਹੈ। ਇਸ ਦੇ ਨਾਲ ਹੀ, ਪੰਜਾਬ ਨਸ਼ਿਆਂ ਦੀ ਦਲਦਲ ਵਿੱਚ ਧੱਸਦਾ ਜਾ ਰਿਹਾ ਹੈ। ਮਹਿੰਗਾਈ ਲਗਾਤਾਰ ਵੱਧ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਪਸੰਦ ਕੀਤਾ ਜਾ ਰਿਹਾ ਹੈ।