ਅੰਮ੍ਰਿਤਸਰ: ਸਿਵਲ ਹਸਪਤਾਲ ਵਿੱਚ ਔਰਤ ਦੇ ਜਣੇਪੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੇ ਜਾਣ ਨਾਲ ਡਾਕਟਰਾਂ ਦੀ ਕਾਰਗੁਜਾਰੀ 'ਤੇ ਸਵਾਲੀਆ ਨਿਸ਼ਾਨ ਖੜੇ ਹੋ ਗਏ ਹਨ। ਵੀਡੀਓ ਪਾਏ ਜਾਣ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰ ਹੱਕੇ-ਬੱਕੇ ਰਹਿ ਗਏ ਹਨ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਇਸ ਘਟੀਆ ਹਰਕਤ ਕਰਨ ਵਾਲੇ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੀੜਤ ਔਰਤ ਦੇ ਸਹੁਰੇ ਚਰਨਦਾਸ ਨੇ ਦੱਸਿਆ ਕਿ ਉਨ੍ਹਾਂ ਨੇ 17 ਨਵੰਬਰ ਨੂੰ ਆਪਣੀ ਗਰਭਵਤੀ ਨੂੰਹ ਨੂੰ ਕੇਸ ਕਰਵਾਉਣ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਜਿਸ ਦਿਨ ਉਨ੍ਹਾਂ ਦੀ ਨੂੰਹ ਦਾ ਜਣੇਪਾ ਕੀਤਾ ਗਿਆ ਤਾਂ ਡਾਕਟਰਾਂ ਨੇ ਇਸ ਦੀ ਪੂਰੀ ਵੀਡੀਓ ਬਣਾ ਲਈ ਗਈ ਹੈ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਹੋਈ ਹੈ।
ਉਨ੍ਹਾਂ ਦੱਸਿਆ ਜਣੇਪੇ ਤੋਂ ਬਾਅਦ ਜਦੋਂ ਉਹ ਨੂੰਹ ਅਤੇ ਬੱਚੇ ਨੂੰ ਲੈ ਕੇ ਘਰ ਚਲੇ ਗਏ ਅਤੇ ਖ਼ੁਸ਼ੀਆਂ ਮਨਾ ਰਹੇ ਸਨ ਤਾਂ ਬੀਤੇ ਦਿਨ ਉਨ੍ਹਾਂ ਨੂੰ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਬਾਰੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਨੂੰਹ ਸਮੇਤ ਸਾਰੇ ਪਰਿਵਾਰ ਨੂੰ ਇਸ ਵਾਇਰਲ ਵੀਡੀਓ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਦੇ ਘਰ ਦੀ ਨੂੰਹ ਦੀ ਗੁਪਤਤਾ ਅਤੇ ਇੱਜ਼ਤ ਨੂੰ ਰੋਲਿਆ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀ ਘਟੀਆ ਹਰਕਤ ਕਰਨ ਵਾਲੇ ਦੋਸ਼ੀ ਡਾਕਟਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਡਾਕਟਰਾਂ ਵਿਰੁੱਧ ਕਾਰਵਾਈ ਨਾ ਕੀਤੀ ਗਈ ਅਤੇ ਕੇਸ ਦਰਜ ਨਾ ਹੋਇਆ ਤਾਂ ਉਹ ਪੁਲਿਸ ਥਾਣੇ ਅੱਗੇ ਧਰਨਾ ਲਾਉਣਗੇ ਅਤੇ ਖੁਦਕੁਸ਼ੀ ਵੀ ਕਰ ਸਕਦੇ ਹਨ।