ਅੰਮ੍ਰਿਤਸਰ:ਬੀਤੇ ਦਿਨਾਂ ਅੰਦਰ ਪੰਜਾਬ ਅੰਦਰ ਇੱਕ ਪਾਸੇ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਸਰਗਰਮ ਰਿਹਾ। ਉੱਥੇ ਹੀ ਦੂਜੇ ਪਾਸੇ ਇਹਨਾਂ ਦਿਨਾਂ ਦੌਰਾਨ ਪੁਲਿਸ ਨੇ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਗਏ ਸਨ। ਇਹਨਾਂ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜਵਾਨਾਂ ਦੀ ਰਿਹਾਈ ਕਰਵਾਈ ਹੈ।
ਨੌਜਵਾਨ SGPC ਦਾ ਧੰਨਵਾਦ ਕਰਨ ਲਈ ਪੁੱਜੇ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿੱਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜਵਾਨ ਅੱਜ ਸ਼ੁੱਕਰਵਾਰ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ। ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਕਿਸੇ ਨਾਲ ਵੀ ਧੱਕਾ ਹੋਣ ’ਤੇ ਕਮੇਟੀ ਸਹਿਯੋਗ ਲਈ ਵਚਨਬੱਧ:ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਧੱਕਾ ਹੋਣ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ ਕਰੇ ਅਤੇ ਬੀਤੇ ਸਮੇਂ ’ਚ ਪੰਜਾਬ ਅੰਦਰ ਨੌਜਵਾਨਾਂ ’ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ।
ਹਰੀਕੇ ਕੇਸ ਵਿਚ ਗ੍ਰਿਫ਼ਤਾਰ 15 ਨੌਜਵਾਨ ਰਿਹਾਅ: ਇਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ’ਚ ਕਾਨੂੰਨੀ ਪੈਨਲ ਗਠਤ ਕੀਤਾ ਗਿਆ ਸੀ, ਜਦਕਿ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ’ਚ ਕਮੇਟੀ ਬਣਾਈ ਗਈ ਸੀ। ਦੋਹਾਂ ਵੱਲੋਂ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸਾਂਝੇ ਤੌਰ ’ਤੇ ਕੀਤੀ ਗਈ ਹੈ, ਜਿਸ ਦੇ ਨਤੀਜੇ ਵੱਜੋਂ ਹਰੀਕੇ ਕੇਸ ਵਿਚ ਗ੍ਰਿਫ਼ਤਾਰ 15 ਨੌਜਵਾਨ ਰਿਹਾਅ ਕਰਵਾਏ ਗਏ ਹਨ।