ਬਰਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ ਹੈ। ਜਿਸ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਨੂੰ 1 ਪੱਤਰ ਜਾਰੀ ਕਰਕੇ ਮੀਟਿੰਗ ਲਈ 14 ਅਕਤੂਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਸੱਦਾ ਕਬੂਲ ਕਰ ਲਿਆ ਗਿਆ ਹੈ ਅਤੇ ਕੇਂਦਰ ਨਾਲ ਮੀਟਿੰਗ ਵਿੱਚ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਗਰਾਹਾਂ ਯੂਨੀਅਨ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਸੱਦਾ ਕੀਤਾ ਕਬੂਲ ਉੱਥੇ ਹੀ ਕੇਂਦਰ ਨਾਲ ਮੀਟਿੰਗ ਵਿੱਚ ਵਿਚਾਰ ਚਰਚਾ ਸਬੰਧੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਗਈ ਮੀਟਿੰਗ 'ਚ ਉਗਰਾਹਾਂ ਯੂਨੀਅਨ ਨੇ ਨਾ ਜਾਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਸਲੇ 'ਤੇ ਚਰਚਾ ਕੀਤੀ ਜਾਵੇਗੀ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸ਼ਰਤ ਤੇ ਉਹ ਆਪਣਾ ਸੰਘਰਸ਼ ਖ਼ਤਮ ਕਰਨ ਵਾਲੇ ਨਹੀਂ ਹਨ। ਜੇਕਰ ਕੇਂਦਰ ਸਰਕਾਰੀ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਲੀਡਰਾਂ ਦੇ ਘਰਾਂ ਦੇ ਘਿਰਾਉ ਵੀ ਹੋਣਗੇ।
ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ 13 ਅਕਤੂਬਰ ਨੂੰ ਚੰਡੀਗੜ੍ਹ ਵਿੱਖੇ ਇੱਕ ਮੀਟਿੰਗ ਬੁਲਾਈ ਗਈ ਹੈ। ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਉਨ੍ਹਾਂ ਦੀ ਜਥੇਬੰਦੀ ਸ਼ਾਮਲ ਨਹੀਂ ਹੋਵੇਗੀ। ਪਰ ਤਾਲਮੇਲ ਸੰਘਰਸ਼ ਉਨ੍ਹਾਂ ਨਾਲ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਆਪਣੇ ਆਜ਼ਾਦ ਤੌਰ 'ਤੇ ਗੱਲਬਾਤ ਰੱਖ ਸਕਦੇ ਹਨ, ਪਰ ਉਨ੍ਹਾਂ ਦੀ ਜਥੇਬੰਦੀਆਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।