ਬਰਨਾਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਤੀਜੇ ਪੜਾਅ ਵਿੱਚ ਜ਼ਿਲ੍ਹੇ ਵਿੱਚ ਵੱਖ ਵੱਖ 20 ਸਕੂਲਾਂ ਦੇ 815 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਰਚੂਅਲ ਸਮਾਗਮ ਹੋਇਆ। ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸਿੱਖਿਆ ਨੂੰ ਸਮੇਂ ਦੇ ਹਾਣ ਦੇ ਬਣਾਉਦੇ ਹੋਏ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈੇ।
ਉਨਾਂ ਕਿਹਾ ਕਿ ਤੀਜੇ ਪੜਾਅ ਦੇ ਮੁਕੰਮਲ ਹੋਣ ਨਾਲ 1,75,015 ਸਮਾਰਟ ਫ਼ੋਨ ਵਿਦਿਆਰਥੀਆਂ ਨੂੰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਸਮੇਂ ਗਿਆਰਵੀਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਬਾਰਵੀਂ ਜਮਾਤ ਦੌਰਾਨ ਸਮਾਰਟ ਫ਼ੋਨ ਦਿੱਤੇ ਜਾਣਗੇ। ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ 19 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ, ਉਥੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 815 ਸਮਾਰਟ ਫ਼ੋਨ ਅਤੇ ਤਿੰਨ ਪੜਾਵਾਂ ਵਿੱਚ ਕੁੱਲ ਲਗਭਗ 3700 ਫ਼ੋਨ ਵੰਡੇ ਗਏ ਹਨ। ਇਸ ਮੌਕੇ ਉਨਾਂ ਜ਼ਿਲ੍ਹਾ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।