ਬਰਨਾਲਾ :ਪੰਜਾਬ ਦੇ ਕਿਸਾਨ ਮੁੜ ਦਿੱਲੀ ਬਾਰਡਰਾਂ 'ਤੇ ਮੋਰਚੇ ਦੀ ਤਿਆਰੀ ਕਰ ਰਹੇ ਹਨ। ਜਿਸ ਤਹਿਤ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਸਿਲ-ਸਿਲੇ ਤਹਿਤ ਮੰਗਲਵਾਰ ਬਰਨਾਲਾ ਵਿਖੇ ਬੀਕੇਯੂ ਸਿੱਧੂਪੁਰ ਦੀ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਹੋਈ। ਇਹ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 11 ਦਸੰਬਰ ਨੂੰ ਦਿੱਲੀ ਦੇ ਸਿੰਘੂ ਬਾਰਡਰ 'ਤੇ ਕੀਤੇ ਜਾ ਰਹੇ ਵੱਡੇ ਇਕੱਠ ਨੂੰ ਲੈ ਕੇ ਕੀਤੀ ਗਈ।
11 ਦਸੰਬਰ ਨੂੰ ਸਿੰਘੂ ਬਾਰਡਰ ਵੱਲ ਕੂਚ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਉਤੇ 11 ਦਸੰਬਰ ਨੂੰ ਯੂਪੀ ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸਿੰਘੂ ਬਾਰਡਰ ਦਿੱਲੀ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਦੀ ਮੀਟਿੰਗ ਵਿੱਚ ਵਿਚਾਰਾਂ ਹੋਈਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀਆਂ ਧੱਕੇਸ਼ਾਹੀਆਂ ਦਾ ਹਿਸਾਬ ਲੈਣ ਲਈ ਆਪਣਾ ਸੰਘਰਸ਼ ਸ਼ੁਰੂ ਕਰਨ ਜਾ ਰਹੇ ਹਾਂ।
ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਬਰਖਾਸਤ ਕਰਵਾਉਣਾ: ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਵਜਾਰਤ ਵਿੱਚੋਂ ਬਰਖਾਸਤ ਕਰਵਾਉਣਾ, ਐਮਐਸਪੀ ਗਾਰੰਟੀ ਕਾਨੂੰਨ ਦਾ ਵਾਅਦਾ ਪੂਰਾ ਕਰਵਾਉਣ, ਕਿਸਾਨਾਂ ਉਪਰ ਦਰਜ ਪਰਚੇ ਰੱਦ ਕਰਵਾਉਣ, ਖੇਤੀ ਕਾਨੂੰਨ ਦੇ ਸੰਘਰਸ਼ ਦਾ ਸਾਥ ਦੇਣ ਵਾਲੇ ਬਲੈਕ ਲਿਸਟ ਕੀਤੇ ਪ੍ਰਵਾਸੀ ਪੰਜਾਬੀਆਂ ਨੂੰ ਲਿਸਟਾਂ ਵਿਚੋਂ ਬਾਹਰ ਕਢਵਾਉਣਾ ਉਨ੍ਹਾਂ ਦੀਆਂ ਅਹਿਮ ਮੰਗਾਂ ਹਨ।