ਬਰਨਾਲਾ: ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲਾ ਬਰਨਾਲਾ ਦੇ ਪਿੰਡ ਕਰਮਗੜ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਕਰਮਗੜ ਵਿਖੇ ਵੱਖ-ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਅਤੇ ਕਰਨਲ ਵਿਜੈ ਕੁਮਾਰ ਓਐਸਡੀ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਵਿਭਾਗ ਚੰਡੀਗੜ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਮੁਆਵਜ਼ੇ ਵੱਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਨਾਲ ਹੀ 25 ਹਜ਼ਾਰ ਦੀ ਰਾਸ਼ੀ ਦਾ ਇੱਕ ਵਖਰਾ ਚੈੱਕ ਭੋਗ ਸਮਾਗਮ ਸਬੰਧੀ ਸੌਂਪਿਆ ਗਿਆ।
ਐਸਡੀਐਮ ਵਰਜੀਤ ਵਾਲੀਆ ਨੇ ਸ਼ਹੀਦ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਪਰਿਵਾਰ ਦੇ ਨਾਲ ਹੈ। ਉਨਾਂ ਕਿਹਾ ਕਿ ਸ਼ਹੀਦ ਅਮਰਦੀਪ ਸਿੰਘ ਨੇ ਛੋਟੀ ਉਮਰ ਹੀ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਵਾਰ ਦਿੱਤੀ। ਇਸ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।