ਬਰਨਾਲਾ: ਕੇਂਦਰ ਸਰਕਾਰ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਆਰਡੀਨੈਂਸ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨਾਂ ਦਾ ਸੰਘਰਸ਼ ਹੋਰ ਤਿੱਖਾ ਹੋ ਗਿਆ ਹੈ। ਪੰਜਾਬ ਦੀਆਂ ਕਿਸਾਨ ਧਿਰਾਂ ਲਗਾਤਾਰ ਪਿਛਲੇ ਤਿੰਨ ਮਹੀਨਿਆਂ ਤੋਂ ਸੜਕਾਂ 'ਤੇ ਸੰਘਰਸ਼ ਕਰ ਰਹੀਆਂ ਹਨ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਅੱਜ ਬਰਨਾਲਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਸਬੰਧੀ ਮੀਟਿੰਗ ਹੋਈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੋ ਚੁੱਕੇ ਹਨ। ਭਾਵੇਂ ਕੇਂਦਰ ਸਰਕਾਰ ਨੇ ਇਹ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਹੈ, ਪਰ 25 ਸਤੰਬਰ ਨੂੰ ਪੰਜਾਬ ਬੰਦ ਦਾ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਬਰਨਾਲਾ ਵਿੱਚ ਵੱਖ-ਵੱਖ ਸੜਕਾਂ ਨੂੰ ਜਾਮ ਕਰ ਕੇ ਸਫ਼ਲ ਬਣਾਇਆ ਜਾਵੇਗਾ।