ਬਰਨਾਲਾ: ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਲੋਹੜੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਜਾਵੇਗੀ। ਬਰਨਾਲਾ ਦੇ ਰੈਸਟ ਹਾਊਸ 'ਚ ਆਮ ਆਦਮੀ ਪਾਰਟੀ ਦੇ ਨਾਲ ਸਬੰਧਤ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਇਸ ਗੱਲ ਦਾ ਜ਼ਿਕਰ ਕੀਤਾ।
ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਵੇਗੀ ਆਮ ਆਦਮੀ ਪਾਰਟੀ ਲੋਹੜੀ ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਾਰੇ ਦੇਸ਼ ਦਾ ਅੰਨਦਾਤਾ ਕੜਕੇ ਦੀ ਠੰਢ ਵਿੱਚ ਦਿੱਲੀ ਦੀਆਂ ਸੜਕਾਂ 'ਤੇ ਰਾਤਾਂ ਗੁਜ਼ਾਰ ਰਿਹਾ ਹੈ। ਕੇਂਦਰ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਪਿੱਛੇ ਨਹੀਂ ਹਟ ਰਹੀ। ਇਸ ਕਰਕੇ ਆਮ ਆਦਮੀ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ ਦੀ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ਼ ਜਤਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਹਰ ਇੱਕ ਵਾਰਡ, ਗਲੀ-ਮੁਹੱਲੇ, ਅਤੇ ਪਿੰਡਾਂ ਵਿੱਚ ਲੋਹੜੀ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸੜਨਗੇ। ਪ੍ਰਧਾਨ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਭਾਜਪਾ ਦੀ ਬੋਲੀ ਬੋਲ ਰਹੀ ਹੈ। ਇਸ ਕਰਕੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਨ ਵਾਲੇ ਅਤੇ ਭਾਜਪਾ ਆਗੂਆਂ ਦਾ ਬਾਈਕਾਟ ਕਰਨ ਵਾਲੇ ਕਿਸਾਨਾਂ ਵਿਰੁੱਧ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਹੀ ਦਿਨ ਤੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀ ਆ ਰਹੀ ਹੈ।
ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਜਨਕ ਰਾਜ ਦੇ ਪਰਿਵਾਰ ਦੀ 11 ਲੱਖ ਰੁਪਏ ਨਾਲ ਮਾਲੀ ਮਦਦ ਕੀਤੀ ਗਈ ਹੈ। ਉਨ੍ਹਾਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿਹਾ ਕਿ ਜੇਕਰ ਸਾਬਕਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀਐੱਸਪੀ ਦੀ ਨੌਕਰੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ।