ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਜਿੱਥੇ ਪੰਜਾਬ ਦੇ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ, ਉੱਥੇ ਹੀ ਸਿਆਸੀ ਪਾਰਟੀਆਂ ਵੀ ਆਪਣੇ ਪੱਧਰ 'ਤੇ ਇਨ੍ਹਾਂ ਬਿਲਾਂ ਦਾ ਵਿਰੋਧ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ ਦੇ ਮਤੇ ਪਾਸ ਕਰਵਾ ਕੇ ਕਾਨੂੰਨੀ ਲੜਾਈ ਲੜਨ ਬਾਰੇ ਕਿਹਾ ਜਾ ਰਿਹਾ ਹੈ।
ਖੇਤੀ ਬਿੱਲਾਂ ਦੇ ਵਿਰੋਧ 'ਚ ਭਗਵੰਤ ਮਾਨ ਨੇ ਪਿੰਡ ਚੰਨਣਵਾਲ 'ਚ ਪਵਾਇਆ ਮਤਾ - aam aadmi party
ਆਮ ਆਦਮੀ ਪਾਰਟੀ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਗ੍ਰਾਮ ਸਭਾਵਾਂ ਦੇ ਮਤੇ ਪਾਸ ਕਰਵਾਏ ਜਾ ਰਹੇ ਹਨ। ਸ਼ੁਕਰਵਾਰ ਨੂੰ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਪਿੰਡ ਚੰਨਣਵਾਲ ਵਿਖੇ ਮਤਾ ਪਵਾਇਆ, ਜਿਸ ਨੂੰ ਸਮੂਹ ਗ੍ਰਾਮ ਸਭਾ ਨੇ ਹੱਥ ਖੜੇ ਕਰਕੇ ਸਮਰਥਨ ਦਿੱਤਾ।
ਇਸ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਖੇਤੀ ਬਿੱਲਾਂ ਦੇ ਵਿਰੋਧ 'ਚ ਗ੍ਰਾਮ ਸਭਾ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਗ੍ਰਾਮ ਸਭਾ ਹੀ ਹੈ। ਆਮ ਆਦਮੀ ਪਾਰਟੀ ਵੱਲੋਂ 'ਗ੍ਰਾਮ ਸਭਾ ਬੁਲਾਓ, ਪੰਜਾਬ ਬਚਾਓ ਮੁਹਿੰਮ' ਤਹਿਤ ਪਿੰਡ-ਪਿੰਡ ਜਾ ਕੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮਤੇ ਪਾਸ ਕਰਵਾਏ ਜਾ ਰਹੇ ਹਨ। ਅੱਜ ਪਿੰਡ ਚੰਨਣਵਾਲ ਵਾਸੀਆਂ ਨੇ ਸਹਿਮਤੀ ਨਾਲ ਗ੍ਰਾਮ ਸਭਾ ਦਾ ਇਜਲਾਸ ਬੁਲਾ ਕੇ ਇਨ੍ਹਾਂ ਬਿੱਲਾਂ ਦੇ ਵਿਰੁੱਧ ਮਤਾ ਪਾਸ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾ ਦਾ ਮਤਾ ਇੱਕ ਬਹੁਤ ਵੱਡਾ ਕਾਨੂੰਨੀ ਦਸਤਾਵੇਜ਼ ਬਣੇਗਾ। ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਮੌਕੇ ਇਹ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੂਰੇ ਪੰਜਾਬ ਦੇ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਮਤੇ ਪਾਸ ਹੁੰਦੇ ਹਨ ਤਾਂ ਖੇਤੀ ਵੱਲੋਂ ਰੱਦ ਕਰਵਾਉਣ ਵਿੱਚ ਬਹੁਤ ਵੱਡੀ ਮਦਦ ਮਿਲੇਗੀ।