ਬਰਨਾਲਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਗਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ, ਸੂਬੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਘੁਟਾਲੇ, ਨਕਲੀ ਬੀਜ ਘੁਟਾਲੇ, ਸ਼ਰਾਬ ਘੁਟਾਲੇ, ਕੇਂਦਰ ਵੱਲੋਂ ਭੇਜੇ ਗਏ ਅਨਾਜ ਘੁਟਾਲੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਅਕਾਲੀ ਭਾਜਪਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਇਸ ਦੀ ਜਾਂਚ ਨਹੀਂ ਕਰਵਾਈ ਗਈ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਲੜਨਗੇ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਦਿਨੋ-ਦਿਨ ਹਰ ਤਰ੍ਹਾਂ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਕਾਂਗਰਸ ਨੇ ਜੋ ਵਾਅਦੇ ਕਰਕੇ ਸਰਕਾਰ ਬਣਾਈ ਸੀ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ, ਉੱਥੇ ਇਸ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਨੇ ਗ਼ਰੀਬ ਲੋਕਾਂ ਨੂੰ ਰਾਸ਼ਨ ਤਾਂ ਕੀ ਦੇਣਾ ਸੀ, ਬਲਕਿ ਗ਼ਰੀਬ ਲੋਕਾਂ ਦੇ ਨੀਲੇ ਕਾਰਡ ਤੱਕ ਕੱਟ ਦਿੱਤੇ।