ਬਰਨਾਲਾ:ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਬਣਦੀ ਸਿੰਘਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਹੈ ਕਿ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁਕੇ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਇਸ ਸਬੰਧ ਵਿਚ ਜਿਥੇ ਸਿੱਖ ਜੱਥੇਬੰਦੀਆਂ ਕੌਮੀ ਇਨਸਾਫ਼ ਮੋਰਚਾ ਲਗਾ ਕੇ ਸੰਘਰਸ਼ ਕਰ ਰਹੀਆਂ ਹਨ। ਉਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਪੰਜਾਬ ਭਰ ਵਿੱਚ ਇਸ ਸਬੰਧੀ ਮੁਹਿੰਮ ਚਲਾਈ ਗਈ ਹੈ। ਪਰ ਬੀਕੇਯੂ ਉਗਰਾਹਾਂ ਵਲੋਂ ਸਿਰਫ਼ ਸਿੱਖਾਂ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਨਾਲ ਸਬੰਧਤ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀ ਵਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਇੱਕ ਮੰਗ ਪੱਤਰ ਡੀਸੀ ਬਰਨਾਲਾ ਨੂੰ ਦਿੱਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਔਰਤਾਂ ਸ਼ਾਮਲ ਸਨ।
ਬੁੱਧੀਜੀਵੀ ਲੋਕ ਜੇਲ੍ਹਾਂ ਵਿੱਚ ਡੱਕੇ ਹੋਏ: ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਵਿੱਚ ਹਜ਼ਾਰਾਂ ਅਜਿਹੇ ਲੋਕ ਹਨ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹਨਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਹਨਾਂ ਵਲੋਂ ਅੱਂਜ ਪੂਰੇ ਪੰਜਾਬ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਰਹਿ ਰਹੇ, ਬਲਕਿ ਹੋਰ ਵੀ ਧਰਮਾਂ ਦੇ ਲੋਕ ਅਤੇ ਬੁੱਧੀਜੀਵੀ ਲੋਕ ਜੇਲ੍ਹਾਂ ਵਿੱਚ ਡੱਕੇ ਹੋਏ ਹਨ। ਜਿਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।