ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਦਾ ਕਿਸਾਨ ਸੋਮਵਾਰ ਨੂੰ ਸ਼ਹੀਦ ਹੋ ਗਿਆ।
ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ - ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਦਾ ਕਿਸਾਨ ਸੋਮਵਾਰ ਨੂੰ ਸ਼ਹੀਦ ਹੋ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਉਜਾਗਰ ਸਿੰਘ, ਜੋ ਲਗਾਤਾਰ ਟਿਕਰੀ ਬਾਰਡਰ 'ਤੇ ਕਿਸਾਨ ਮੋਰਚੇ ਵਿੱਚ ਡਟਿਆ ਹੋਇਆ ਸੀ। ਕੁੱਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਅਕਾਲ ਚਲਾਣਾ ਕਰ ਗਿਆ। ਕਿਸਾਨ ਆਗੂਆਂ ਨੇ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ, ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦਾ ਸਾਰਾ ਕਰਜਾ ਮੁਆਫ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਅੱਜ ਬਰਨਾਲਾ ਰੇਲਵੇ ਸਟੇਸ਼ਨ ਤੇ ਦੋ ਮਿੰਟ ਦਾ ਮੌਨਧਾਰ ਕੇ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਕਿਸਾਨ ਆਗੂ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਗੁਰਨਾਮ ਸਿੰਘ ਠੀਕਰੀਵਾਲਾ,ਨਛੱਤਰ ਸਿੰਘ ਸਾਹੌਰ, ਪ੍ਰੇਮਪਾਲ ਕੌਰ, ਹਰਚਰਨ ਚੰਨਾ, ਮਨਜੀਤ ਰਾਜ,ਮੇਲਾ ਕੱਟੂ, ਗੁਰਦਰਸ਼ਨ ਦਿਉਲ, ਸਬਦਿਲ ਮੰਡੇਰ, ਬਲਵੀਰ ਕੌਰ ਤੇ ਬਾਬੂ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ 350 ਤੋਂ ਵਧੇਰੇ।ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਸਰਕਾਰ ਦਾ ਵਤੀਰਾ ਇੰਨਾ ਅਣ-ਮਨੁੱਖੀ ਤੇ ਗੈਰ-ਸੰਵੇਦਨਸ਼ੀਲ ਹੋ ਚੁੱਕਿਆ ਹੈ ਕਿ ਇਕ ਵਾਰ ਵੀ ਹਾਅ ਦਾ ਨਾਹਰਾ ਨਹੀਂ ਮਾਰਿਆ। ਇਹ ਲੜਾਈ ਹੁਣ ਬਹੁਤ ਨਾਜਕ ਦੌਰ ਵਿੱਚ ਵਿੱਚ ਪਹੁੰਚ ਚੁੱਕੀ ਹੈ। ਸਾਡੇ ਲਈ ਇਹ ਲੜਾਈ ਜਿਤਣੀ ਬਹੁਤ ਜਰੂਰੀ ਹੈ। ਆਪਣੀਆਂ ਨਸਲਾਂ ਤੇ ਫਸਲਾਂ ਬਚਾਉਣ ਲਈ ਸਾਨੂੰ ਸਾਰਾ ਕੁੱਝ ਦਾਅ ,'ਤੇ ਲਾਉਣਾ ਪਊ।ਸੋ ਆਪਣੇ ਕਮਰਕੱਸੇ ਕਸਕੇ ਲੰਬੀ ਲੜਾਈ ਲਈ ਤਿਆਰ ਹੋ ਜਾਵੋ।