ਬਰਨਾਲਾ: ਫਾਸ਼ੀ ਹਮਲੇ ਵਿਰੋਧੀ ਫਰੰਟ ਪੰਜਾਬ (Anti-fascist Front Punjab) ਵੱਲੋਂ ਕੇਂਦਰੀ ਹਕੂਮਤ ਦੇ ਪੰਜਾਬ ਸਮੇਤ ਹੋਰਨਾਂ ਸਰਹੱਦੀ ਰਾਜਾਂ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਦੇ ਫੈਸਲੇ ਖਿਲਾਫ਼ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਪਾਰਕ ਵਿੱਚ ਇਕੱਠੇ ਹੋ ਕੇ ਰੋਸ ਭਰਪੂਰ ਰੈਲੀ ਕੀਤੀ ਗਈ।
ਇਸ ਸਮੇਂ ਫਰੰਟ ਦੇ ਬੁਲਾਰੇ ਦਰਸ਼ਨ ਖਟਕੜ, ਸੁਰਿੰਦਰ ਸ਼ਰਮਾ, ਗੁਰਪਰੀਤ ਰੂੜੇਕੇ, ਖੁਸ਼ੀਆ ਸਿੰਘ ਅਤੇ ਅਮਰਜੀਤ ਕੁੱਕੂ ਨੇ ਕਿਹਾ ਕਿ ਕੇਂਦਰੀ ਹਕੂਮਤ ਨੇ ਪੰਜਾਬ ਸਮੇਤ ਕੁੱਝ ਹੋਰ ਸਰਹੱਦੀ ਰਾਜਾਂ ਵਿੱਚ ਬੀਐੱਸਐੱਫ (ਸੀਮਾ ਸੁਰੱਖਿਆ ਬਲ) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾਕੇ 50 ਕਿਲੋਮੀਟਰ ਕਰਨ ਦਾ ਇੱਕ ਹੋਰ ਲੋਕਤੰਤਰ ਵਿਰੋਧੀ ਕਦਮ ਚੁੱਕਿਆ ਹੈੈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੇ ਇਹ ਕਦਮ ਉਸ ਸਮੇਂ ਚੁੱਕਿਆ ਹੈ ਜਦੋਂ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਤੇ ਕੋਈ ਹੰਗਾਮੀ ਹਾਲਤ ਨਹੀਂ ਤਾਂ ਇਸ ਅਜਿਹੇ ਵਿੱਚ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਵਧਾਉਣਾ ਕਿਸੇ ਵੀ ਪੱਖੋਂ ਉਚਿਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਨੇ ਇਹ ਸਾਰੀ ਕਾਰਵਾਈ ਪੰਜਾਬ ਸਰਕਾਰ ਸਮੇਤ ਪੰਜਾਬ ਦੇ ਲੋਕਾਂ ਨੂੰ ਹਨੇਰੇ ਵਿੱਚ ਰੱਖਕੇ ਕੀਤੀ ਹੈ। ਇਸ ਪਿੱਛੇ ਜੋ ਦਲੀਲ ਦਿੱਤੀ ਗਈ ਹੈ ਕਿ ਦਹਿਸ਼ਤਗਰਦੀ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਇਹ ਕਦਮ ਜ਼ਰੂਰੀ ਸਨ, ਬਿਲਕੁਲ ਝੂਠੀ ਅਤੇ ਬੇ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕੇਂਦਰ ਅਤੇ ਰਾਜ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਨਾਂ ਰੁਕੀਆਂ ਹਨ ਨਾਂ ਰੁਕਣਗੀਆਂ ਕਿਉਂਕਿ ਇਸ ਨੂੰ ਰੋਕਣ ਲਈ ਦੋਵੇਂ ਸਰਕਾਰਾਂ ਦੀ ਇੱਛਾ ਸ਼ਕਤੀ ਨਹੀਂ ਹੈ। ਦੋਵੇਂ ਸਰਕਾਰਾਂ ਨੇ ਸਿਆਸੀ ਸਰਪਰਸਤੀ ਹੇਠ ਪਲ ਰਹੇ ਨਸ਼ਾ ਤਸਕਰਾਂ ਅਤੇ ਹਥਿਆਰਾਂ ਦੇ ਸੌਦਾਗਰਾਂ ਅਤੇ ਵੱਡੇ ਪੁਲਿਸ ਅਫ਼ਸਰਾਂ ਖਿਲਾਫ਼ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।