ਬਰਨਾਲਾ:ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ‘ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਬਰਨਾਲਾ ਦੇ ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਬਾਰੇ ਸਹੀ ਤਾਲਮੇਲ ਰੱਖਣ ਲਈ ਬਣਾਈ ਗਈ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੇ ਸਹਿਯੋਗ ਨਾਲ ਇਹ ਸੰਭਵ ਹੋ ਸਕਿਆ।
ਨਸ਼ਿਆਂ ਦੀ ਵਰਤੋਂ ਖਿਲਾਫ ਆਵਾਜ਼ ਬੁਲੰਦ: ਪੁਲਿਸ ਵੱਲੋਂ ਨਿਰੰਤਰ ਲੋਕਾਂ ‘ਚ ਨਸ਼ਿਆਂ ਦੀ ਵਰਤੋਂ ਖਿਲਾਫ ਆਵਾਜ਼ ਬੁਲੰਦ ਕਰਦਿਆਂ 31 ਬੈਠਕਾਂ ਅਤੇ ਸੈਮੀਨਾਰ ਕਰਵਾਏ ਗਏ ਜਿਸ ਵਿੱਚ ਸਕੂਲੀ ਅਤੇ ਕਾਲਜ ਵਿਦਿਆਰਥੀਆਂ, ਪਿੰਡ ਪੱਧਰੀ ਕਮੇਟੀਆਂ, ਸਮਾਜ ਦੇ ਮੋਹਤਬਰ ਲੋਕਾਂ ਦੀ ਵੱਡੇ ਪੱਧਰ ਉੱਤੇ ਸ਼ਮੂਲੀਅਤ ਰਹੀ। ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਇਸ ਬਾਰੇ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਓ ਸਬੰਧੀ ਓਟ ਕਲੀਨਿਕ ਚਲਾਏ ਜਾ ਰਹੇ ਹਨ ਜਿਨ੍ਹਾਂ ‘ਚ ਲੋਕਾਂ ਨੂੰ ਨਸ਼ਾ ਮੁਕਤੀ ਲਈ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਪੁਲਿਸ ਵੱਲੋਂ ਛਾਪੇਮਾਰੀ: ਉੱਧਰ ਇਸ ਦੇ ਚੱਲਦੇ ਸੂਬੇ ਵਿੱਚ ਵੱਧ ਰਹੇ ਨਸ਼ੇ ਨੂੰ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਬਦਨਾਮ ਪੰਜਾਬ ਹਰਿਆਣਾ ਬਾਰਡਰ 'ਤੇ ਸਥਿਤ ਨਰ ਸਿੰਘ ਕਲੋਨੀ ਅਤੇ ਬਠਿੰਡਾ ਦੀ ਧੋਬੀ ਆਣਾ ਬਸਤੀ ਵਿਖੇ ਦਿਨ ਚੜ੍ਹਦੇ ਹੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਨਾਲ ਪਹੁੰਚੇ ਐਸਐਸਪੀ ਬਠਿੰਡਾ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਉਨਾਂ ਕੋਲ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਕੁਝ ਇਨਪੁੱਟ ਆਈ ਸੀ। ਜਿਸ ਦੇ ਮੱਦੇਨਜ਼ਰ ਉਹਨਾਂ ਵੱਲੋਂ ਮੌਕੇ ਦੀਆਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਅਤੇ ਘਰਾਂ ਦੀ ਤਲਾਸ਼ੀ ਲਈ ਗਈ। ਇਹਨਾਂ ਵਿੱਚ ਧੋਬਿਆਣਾ ਬਸਤੀ ਵੀ ਸ਼ਾਮਿਲ ਹੈ ਜਿਥੇ ਛਾਪੇਮਾਰੀ ਕੀਤੀ।
ਸਖ਼ਤੀ ਨਾਲ ਬੰਦ ਕਰਵਾਏ ਜਾਣਗੇ ਨਸ਼ੇ ਦੇ ਕਾਰੋਬਾਰ : ਇਸ ਦੌਰਾਨ ਉਹਨਾਂ ਕਿਹਾ ਕਿ ਜਿਹੜੇ ਲੋਕ ਸ਼ੱਕੀ ਹਨ ਉਹਨਾਂ ਲੋਕਾਂ ਦੇ ਘਰਾਂ ਦੀ ਸਰਚ ਕੀਤੀ ਜਾ ਰਹੀ ਹੈ। ਜੋ ਕਿਸੇ ਸਮੇਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ ਅਤੇ ਨਸ਼ਾ ਵੇਚਦੇ ਸਨ। ਉਹਨਾਂ ਕਿਹਾ ਕਿ ਇਹ ਸਰਚ ਅਭਿਆਨ ਲਗਾਤਾਰ ਜਾਰੀ ਹਨ ਤਾਂ ਜੋ ਨਸ਼ੇ ਦੇ ਕਾਰੋਬਾਰੀਆਂ ਨੂੰ ਕਾਬੂ ਕੀਤਾ ਜਾ ਸਕੇ ਅਤੇ ਨਸ਼ੇ ਦਾ ਕਾਰੋਬਾਰ ਬੰਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਸ ਖਿਲਾਫ ਸਖਤ ਤੋਂ ਸਖਤ ਐਕਸ਼ਨ ਲਿਆ ਜਾਵੇਗਾ।