ਬਰਨਾਲਾ:ਪੰਜਾਬ ਅੰਦਰ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਇੱਕ ਵੱਡਾ ਉਪਰਾਲਾ ਕਰਦਿਆਂ ਹੋਇਆ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਤਪਾ ਮੰਡੀ ਦੇ ਨੇੜਲੇ ਪਿੰਡ ਢਿਲਵਾਂ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ।
ਨਸ਼ਿਆਂ ਖ਼ਿਲਾਫ਼ ਸੈਮੀਨਾਰ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਯੂਨੀਵਰਸਿਟੀ ਦੇ ਨੌਜ਼ਵਾਨਾਂ, ਪਿੰਡ ਵਾਸੀਆਂ, ਪਿੰਡ ਪੰਚਾਇਤ ਨੂੰ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਅੰਦਰੋਂ ਨਸ਼ਾ ਖਤਮ ਕਰਨ ਲਈ ਸਾਨੂੰ ਸਭ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਉਣ ਵਾਲਾ ਸਾਡਾ ਚੰਗਾ ਭਵਿੱਖ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਸਮੇਤ ਭੈੜੀਆਂ ਆਦਤਾ ਤੋਂ ਦੂਰ ਰੱਖਣ ਲਈ ਸਮੇਂ ਸਮੇਂ ਸਿਰ ਜਾਗਰੂਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਪਿੰਡ ਸ਼ਹਿਰ ਜਾਂ ਕਸਬੇ ਵਿੱਚ ਕੋਈ ਵੀ ਨਸ਼ਾ ਵੇਚਣ ਵਾਲੇ ਪ੍ਰਤੀ ਤੁਹਾਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਅਸੀਂ ਪੰਜਾਬ ਅੰਦਰੋਂ ਨਸ਼ੇ ਨੂੰ ਪੂਰਨ ਤੌਰ 'ਤੇ ਖ਼ਤਮ ਕਰ ਸਕੀਏ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ। ਨਸ਼ਿਆਂ ਖ਼ਿਲਾਫ਼ ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ ਢਿੱਲਵਾਂ ਕਾਲਜ ਅਤੇ ਸਕੂਲਾਂ ਦੇ ਬੱਚਿਆਂ ਨੇ ਜਾਗਰੂਕ ਸਕਿੱਟਾਂ ਰਾਹੀਂ ਵੀ ਲੋਕਾਂ ਨੂੰ ਚੰਗਾ ਸੁਨੇਹਾ ਦਿੱਤਾ।
ਇਸ ਮੌਕੇ ਪਿੰਡ ਢਿੱਲਵਾਂ ਦੀ ਪੰਚਾਇਤ ਨੇ ਐੱਸ.ਐੱਸ.ਪੀ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਵਿਸਵਾਸ਼ ਦਵਾਇਆ ਕਿ ਉਹ ਪੂਰਨ ਤੌਰ 'ਤੇ ਨਸ਼ਿਆਂ ਖ਼ਿਲਾਫ਼ ਆਪਣੇ ਪਿੰਡ ਦੀਆਂ 6 ਪੰਚਾਇਤਾਂ ਆਪਣਾ ਸਹਿਯੋਗ ਦੇਣੀਆਂ ਅਤੇ ਪਿੰਡ ਵਿੱਚੋਂ ਨਸ਼ਿਆਂ ਨੂੰ ਪੂਰਨ ਤੌਰ 'ਤੇ ਖ਼ਤਮ ਕੀਤਾ ਜਾਵੇਗਾ।