ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਚੱਲਦਿਆਂ ਬੀਤੇ ਦਿਨੀਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੀ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ ਗਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜੇਕਰ ਹਰਸਿਮਰਤ ਕੌਰ ਬਾਦਲ ਨੂੰ ਕਿਸਾਨਾਂ ਦੇ ਹਿੱਤਾਂ ਦੀ ਇੰਨੀ ਹੀ ਚਿੰਤਾ ਸੀ ਤਾਂ 3 ਮਹੀਨੇ ਪਹਿਲਾਂ, ਜਦੋਂ ਇਹ ਬਿੱਲ ਲਿਆਂਦੇ ਗਏ ਸੀ, ਉਸ ਸਮੇਂ ਅਸਤੀਫ਼ਾ ਦੇਣਾ ਚਾਹੀਦਾ ਸੀ।
ਪਰ ਹੁਣ ਅਸਤੀਫ਼ਾ ਦੇ ਕੇ ਬਾਦਲ ਪਰਿਵਾਰ ਡਰਾਮੇਬਾਜ਼ੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਦਾ ਰਿਹਾ ਹੈ। ਹੁਣ ਜਦੋਂ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਸੜਕਾਂ ਤੇ ਉੱਤਰ ਆਏ ਹਨ, ਤਾਂ ਇਨ੍ਹਾਂ ਵੱਲੋਂ ਆਪਣੀ ਵੋਟ ਬੈਂਕ ਨੂੰ ਦੇਖਦਿਆਂ ਖੇਤੀ ਬਿੱਲਾਂ ਦਾ ਵਿਰੋਧ ਯਾਦ ਆਇਆ ਹੈ।
ਕਿਸਾਨਾਂ ਨੇ ਕਿਹਾ ਕਿ ਕਿਸੇ ਕੋਈ ਵੀ ਪਾਰਟੀ ਦਾ ਲੀਡਰ ਹੋਵੇ, ਉਨ੍ਹਾਂ ਨੂੰ ਕਿਸੇ ਵੀ ਲੀਡਰ 'ਤੇ ਵਿਸ਼ਵਾਸ ਨਹੀਂ ਹੈ। ਕਿਉਂਕਿ ਇਹ ਸਾਰੀਆਂ ਪਾਰਟੀਆਂ ਦੇ ਲੀਡਰ ਆਪਸ ਵਿੱਚ ਰਲੇ ਮਿਲੇ ਹੋਏ ਹਨ। ਕਿਸਾਨ ਜਥੇਬੰਦੀਆਂ 'ਤੇ ਕਿਸਾਨਾਂ ਨੂੰ ਭਰੋਸਾ ਹੈ ਜੋ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਉਹ ਇਨ੍ਹਾਂ ਬਿੱਲਾਂ ਦਾ ਵਿਰੋਧ ਮਰਦੇ ਦਮ ਤੱਕ ਜਾਰੀ ਰੱਖਣਗੇ, ਜਿਸ ਲਈ ਉਨ੍ਹਾਂ ਨੂੰ ਚਾਹੇ ਸੜਕਾਂ ਜਾਮ ਕਰਨੀਆਂ ਪੈਣ, ਰੇਲਾਂ ਜਾਮ ਕਰਨੀਆਂ ਪੈਣ, ਉਹ ਪਿੱਛੇ ਨਹੀਂ ਹਟਣਗੇ।