ਬਰਨਾਲਾ: ਸਥਾਨਕ ਸ਼ਹਿਰ ਸ਼ਨਿਚਰਵਾਰ ਨੂੰ ਕੋਰੋਨਾ ਮੁਕਤ ਹੋ ਗਿਆ। ਜ਼ਿਲ੍ਹੇ ਦੇ ਸਾਰੇ 19 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆਉਣ ਨਾਲ ਖੁਸ਼ੀ ਦਾ ਮਾਹੌਲ ਪਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਨੂੰ ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ ਸਨਮਾਨ ਕਰ ਕੇ ਘਰ ਭੇਜਿਆ ਗਿਆ। ਇੰਨ੍ਹਾਂ ਪੌਜ਼ੀਟਿਵ ਮਰੀਜ਼ਾਂ ਵਿੱਚੋਂ ਜ਼ਿਆਦਾਤਰ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਵਿਅਕਤੀ ਸਨ, ਜੋ ਤੰਦਰੁਸਤ ਹੋਣ ਤੋਂ ਬਾਅਦ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਤੋਂ ਆਪਣੇ ਘਰਾਂ ਨੂੰ ਰਵਾਨਾ ਹੋਏ।
ਅਧਿਕਾਰੀਆਂ ਨੇ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੁਣ ਕੋਈ ਵੀ ਮਰੀਜ਼ ਕੋਰੋਨਾ ਦਾ ਨਹੀਂ ਰਿਹਾ, ਪਰ ਇਸ ਦੇ ਬਾਵਜੂਦ ਅਜੇ ਵੀ ਖ਼ਤਰਾ ਟਲਿਆ ਨਹੀਂ ਹੈ। ਜਿਸ ਕਰਕੇ ਸਾਨੂੰ ਬਚਾਅ ਦੇ ਯਤਨ ਜਾਰੀ ਰੱਖਣੇ ਚਾਹੀਦੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਤੰਦਰੁਸਤ ਹੋਏ ਮਰੀਜ਼ਾਂ ਨੇ ਕਿਹਾ ਕਿ ਉਹ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਸਨ ਅਤੇ ਉਨ੍ਹਾਂ ਨੂੰ ਸੰਘੇੜਾ ਦੇ ਇਕਾਂਤਵਾਸ ਸੈਂਟਰ ਵਿੱਚ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਰਿਪੋਰਟਾਂ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਚੰਗੀਆਂ ਖ਼ੁਰਾਕਾਂ ਦੇ ਨਾਲ-ਨਾਲ ਉਨ੍ਹਾਂ ਨੂੰ ਕਸਰਤ, ਯੋਗਾ ਅਤੇ ਗੁਰਬਾਣੀ ਪਾਠ ਨਾਲ ਜੋੜਿਆ ਗਿਆ। ਜਿਸ ਕਰ ਕੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।