ਬਰਨਾਲਾ: ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ ਸਟਾਫ਼ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ 1,54,350 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤਾ ਨਸ਼ਾ ਤਸਕਰ ਕੈਮਿਸਟ ਦੀ ਦੁਕਾਨ ਚਲਾਉਂਦਾ ਹੈ ਜਿਸਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਸੀਆਈਏ ਪੁਲਿਸ ਵੱਲੋਂ ਹਾਲ ਹੀ ਵਿੱਚ ਬਰਨਾਲਾ ਵਿੱਚ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਡਰੱਗ ਮਨੀ ਅਤੇ ਇੱਕ ਵਾਹਨ ਬਰਾਮਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਜਾਂਚ ਨੂੰ ਅੱਗੇ ਵਧਾਇਆ ਹੈ। ਸੀ.ਆਈ.ਏ.ਪੁਲਿਸ ਵੱਲੋਂ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ 1,54,350 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਨਾਂ ਦੀਪਕ ਕੁਮਾਰ ਹੈ ਅਤੇ ਮੁਲਜ਼ਮ ਮਾਨਸਾ 'ਚ ਮੈਡੀਕਲ ਸਟੋਰ ਚਲਾਉਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀਪਕ ਕੁਮਾਰ ਖ਼ਿਲਾਫ਼ ਮਾਨਸਾ 'ਚ 2010 'ਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ, ਜਿਸ ਚ ਉਸ ਨੂੰ ਸਜ਼ਾ ਹੋਈ ਸੀ। 10 ਸਾਲ ਦੀ ਸਜ਼ਾ ਹੋਈ ਅਤੇ 2017 'ਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਸ ਨੇ ਫਿਰ ਤੋਂ ਨਸ਼ਿਆਂ ਦੀ ਤਸਕਰੀ ਸ਼ੁਰੂ ਕਰ ਦਿੱਤੀ।