ਬਰਨਾਲਾ : ਸੂਬੇ ਭਰ ਵਿੱਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਬੇਅਦਬੀ ਕਰਨ ਵਾਲਿਆਂ ਦੋਸ਼ੀਆਂ ਨੂੰ ਸਖ਼ਤ ਦਿਵਾਉਣ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਂਦੇ ਪਿੰਡ ਸਹਿਜੜਾ ਦੇ ਬੱਸ ਸਟੈਂਡ ਉੱਪਰ ਟ੍ਰੈਫਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਪ੍ਰਦਰਸ਼ਨ ਵਿੱਚ ਭਾਗ ਲੈ ਰਹੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਸੀ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਗੇ, ਨਸ਼ਾ ਚਾਰ ਹਫ਼ਤਿਆਂ ਵਿੱਚ ਖ਼ਤਮ ਕਰ ਦੇਣਗੇ, ਘਰ ਘਰ ਨੌਕਰੀ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਸਮੇਤ ਹੋਰ ਵੱਡੇ ਵੱਡੇ ਵਾਅਦੇ ਕਰ ਕੇ ਆਪਣੀ ਸਰਕਾਰ ਬਣਾਈ ਸੀ।