ਬਰਨਾਲਾ :ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਬਰਨਾਲਾ ਦੀ ਦਾਣਾ ਮੰਡੀ ਵਿਖੇ ਸੂਬਾਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ 19 ਜ਼ਿਲ੍ਹਿਆਂ ਤੋਂ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਆਗੂ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ।
ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਟੇਜ ਤੋਂ ਉਭਾਰੇ ਨੁਕਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਜੀ-20 ਦੀਆਂ 12 ਮੀਟਿੰਗਾਂ ਹੋ ਰਹੀਆਂ ਹਨ। ਇਹਨਾਂ ਦੇ ਏਜੰਡਿਆਂ 'ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ ਉੱਤੇ ਹੋਣ ਵਾਲੀਆਂ ਮੀਟਿੰਗਾਂ ਅੰਮ੍ਰਿਤਸਰ ਵਿੱਚ ਕਰਵਾਈਆਂ ਜਾਣੀਆਂ ਹਨ।
ਜਥੇਬੰਦੀ ਨੇ ਲਾਏ ਵੱਡੇ ਇਲਜ਼ਾਮ :ਉਹਨਾਂ ਇਲਜ਼ਾਮ ਲਾਇਆ ਕਿ ਦੁਨੀਆਂ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ। ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ 'ਤੇ ਮੜ੍ਹਿਆ ਜਾਂਦਾ ਹੈ। ਭਾਰਤ ਵਰਗੇ ਮੁਲਕਾਂ ਦੀ ਖੇਤੀ, ਸਨਅਤ ਤੇ ਵਪਾਰ 'ਚ ਸਾਮਰਾਜੀ ਕੰਪਨੀਆਂ ਤੇ ਮੁਲਕਾਂ ਦੀ ਪੁੱਗਤ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦੀਆਂ ਸੰਧੀਆਂ ਕੀਤੀਆਂ ਜਾਂਦੀਆਂ ਹਨ।