ਬਰਨਾਲਾ:ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਕੇਂਦਰ ਸਰਕਾਰ (Central Government) ਭਾਜਪਾ ਮੋਦੀ ਸਰਕਾਰ ਦੇ ਫੈਸਲੇ ਜੋ ਪਾਣੀ ਬਿਜਲੀ ਪ੍ਰਾਜੈਕਟ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੁੱਧ ਦਾਣਾ ਮੰਡੀ ਵਿੱਚ ਇਕੱਠ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਤੋਂ ਬੀਜੇਪੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬਿਆਂ ਦੇ ਵੱਧ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਜ਼ਿਲਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜੱਥੇਬੰਦੀ ਦੀਆਂ ਮੁੱਖ ਮੰਗਾਂ
1. ਪਹਿਲਾਂ ਵਾਂਗ ਹੀ ਪੰਜਾਬ ਹਰਿਆਣੇ ਦਾ ਕੰਟਰੋਲ ਕਾਇਮ ਰੱਖਣ ਲਈ ਬਿਜਲੀ ਅਤੇ ਸਿੰਜਾਈ ਦੇ ਪੱਕੇ ਮੈਂਬਰ ਪੰਜਾਬ ਹਰਿਆਣੇ ਵਿੱਚੋਂ ਹੀ ਨਿਯੁਕਤ ਕੀਤੇ ਜਾਣ।
2. ਹੋਰ ਪ੍ਰਬੰਧਕੀ ਮੈਂਬਰ ਵੀ ਇਨ੍ਹਾਂ ਰਾਜਾਂ ਸਮੇਤ ਇਸ ਪ੍ਰਾਜੈਕਟ ਦੇ ਹਿੱਸੇਦਾਰ ਹਿਮਾਚਲ ਤੇ ਰਾਜਸਥਾਨ ਵਿੱਚੋਂ ਹੀ ਨਿਯੁਕਤ ਕੀਤੇ ਜਾਣ।
3. ਫੈਸਲੇ ਕਰਨ ਦਾ ਅਧਿਕਾਰ ਇਨ੍ਹਾਂ ਮੈਂਬਰਾਂ ਕੋਲ਼ ਹੀ ਹੋਵੇ ਅਤੇ ਹੋਰ ਬਾਹਰਲੇ ਰਾਜ ਵਿੱਚੋਂ ਨਿਯੁਕਤ ਕੀਤਾ ਗਿਆ ਚੇਅਰਮੈਨ ਪਹਿਲਾਂ ਵਾਂਗ ਸਿਰਫ਼ ਨਿਗਰਾਨ ਵੱਜੋਂ ਕੰਮ ਕਰੇ।
4. ਪ੍ਰਾਜੈਕਟ ਦੀ ਸੁਰੱਖਿਆ ਲਈ ਸੁਰੱਖਿਆ ਬਲ ਵੀ ਪੰਜਾਬ ਹਰਿਆਣੇ ਵਿੱਚੋਂ ਹੀ ਤਾਇਨਾਤ ਕੀਤੇ ਜਾਣ ਅਤੇ ਕੇਂਦਰੀ ਸਨਅਤੀ ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਫੈਸਲਾ ਰੱਦ ਕੀਤਾ ਜਾਵੇ।