ਬਰਨਾਲਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਾਨੂੰਨ ਪਾਸ ਕੀਤੇ ਹਨ ਉਹ ਕਿਸਾਨ ਮਾਰੂ ਤਾਂ ਹਨ ਹੀ ਨਾਲ ਹੀ ਇਹ ਹਰ ਵਰਗ ਦੇ ਗਲਾ ਘੁੱਟਣ ਦਾ ਕੰਮ ਕਰਨਗੇ। ਇਸ ਲਈ ਅੱਜ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨ ਯੂਨੀਅਨਾਂ ਨੂੰ ਖੁੱਲ੍ਹ ਕੇ ਹਮਾਇਤ ਦਿੱਤੀ ਜਾ ਰਹੀ ਹੈ ਅਤੇ ਅੱਜ ਦੇਸ਼ ਭਰ ਦੀਆਂ 500 ਕਿਸਾਨ ਯੂਨੀਅਨਾਂ ਵੀ ਇੱਕ ਪਲੇਟ ਫਾਰਮ ਉੱਤੇ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ, ਟੌਲ ਪਲਾਜ਼ਿਆਂ ਅਤੇ ਉਦਯੋਗਪਤੀਆਂ ਦੇ ਮੌਲਾਂ ਅੱਗੇ ਧਰਨੇ ਵਿੱਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ,ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ।