ਬਰਨਾਲਾ: ਬੀਤੇ ਦਿਨ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਰੁਜ਼ਗਾਰ ਦੀ ਹੱਕੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦੁਆਰਾ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਮੁੰਡੇ ਕੁੜੀਆਂ ਨੂੰ ਪੱਕਾ ਰੁਜਗਾਰ ਦੇਣ ਦੀ ਥਾਂ ਇਹਦੇ ਵੱਲੋਂ ਵੀ ਨਿੱਜੀਕਰਨ ਦੀ ਨੀਤੀ ਨੂੰ ਅੱਗੇ ਵਧਾਉਂਦਿਆਂ ਨਾਂ-ਮਾਤਰ ਠੇਕਾ ਭਰਤੀ ਹੀ ਕੀਤੀ ਜਾ ਰਹੀ ਹੈ।