ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਤੇ ਤਾਨਾਸ਼ਾਹੀ ਕਰਦਿਆਂ ਕਿਸਾਨਾਂ ਦੀ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਸਾਨਾਂ ਵਿਰੁੱਧ ਦਰਜ ਕੀਤੇ ਜਾ ਰਹੇ ਪਰਚਿਆਂ ਨੂੰ ਲੈ ਕੇ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਘੇਰਿਆ।
ਇਸ ਮੌਕੇ ਗੱਲਬਾਤ ਕਰਦਿਆਂ 'ਆਪ' ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਸਰਕਾਰ ਪਿਛਲੇ ਇੱਕ ਮਹੀਨੇ ਤੋਂ ਕੜਕੇ ਦੀ ਠੰਢ ਵਿੱਚ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਰਹੀ ਹੈ। ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੀ ਹੈ, ਦੂਜੇ ਪਾਸੇ ਪ੍ਰਧਾਨਮੰਤਰੀ ਮਨ ਕੀ ਬਾਤ ਵਿੱਚ ਕਾਨੂੰਨਾਂ ਦੇ ਲਾਭ ਦੱਸਦਿਆਂ ਇਨ੍ਹਾਂ ਨੂੰ ਵਾਪਸ ਨਾ ਕਰਨ ਦੀ ਗੱਲ ਆਖ ਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।
ਪੰਜਾਬ 'ਚ ਭਾਜਪਾ ਦੀਆਂ ਨੀਤੀਆਂ ਨੂੰ ਲਾਗੂ ਕਰ ਰਹੀ ਹੈ ਕੈਪਟਨ ਸਰਕਾਰ: ਮੀਤ ਹੇਅਰ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਭਜਪਾ ਦੀਆਂ ਨੀਤੀਆਂ ਕੈਪਟਨ ਸਰਕਾਰ ਲਾਗੂ ਕਰ ਰਹੀ ਹੈ। ਜਿਸ ਕਰ ਕੇ ਭਾਜਪਾ ਆਗੂਆਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜਿਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਆਪਣੇ ਪੁੱਤਰ ਨੂੰ ਈਡੀ ਦੀ ਜਾਂਚ ਤੋਂ ਬਚਾਉਣ ਲਈ ਭਾਜਪਾ ਦੀਆਂ ਨੀਤੀਆਂ ਪੰਜਾਬ 'ਚ ਲਾਗੂ ਕਰਨ ਵਿੱਚ ਲੱਗੇ ਹੋਏ ਹਨ।
ਸੂਬਾ ਯੂਥ ਪ੍ਰਧਾਨ ਨੇ ਕਿਹਾ ਕਿ ਭਾਜਪਾ ਲਗਾਤਾਰ ਬੁਖਲਾਈ ਹੋਈ ਹੈ। ਜਿਸ ਕਾਰਨ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ, ਵਪਾਰੀਆਂ ਤੋਂ ਬਾਅਦ ਹੁਣ ਗਾਈਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੀ ਹੋਈ ਹੈ ਜਿਸ ਤਹਿਤ ਦਿਲਜੀਤ ਦੋਸਾਂਝ ਨੂੰ ਵੀ ਇਸੇ ਕਾਰਨ ਟਾਰਗੇਟ ਕੀਤਾ ਜਾ ਰਿਹਾ ਹੈ।
ਮੀਤ ਹੇਅਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਸਬੰਧੀ ਜੋ ਵੀ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਨੂੰ ਹਰ ਪੱਖ ਤੋਂ ਮਦਦ ਦਿੱਤੀ ਜਾਵੇਗੀ।