ਬਰਨਾਲਾ :ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਦੇ ਕਚਹਿਰੀ ਚੌਕ ਵਿਖੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਪੱਧਰੀ ਲਲਕਾਰ ਰੈਲੀ ਕੱਢੀ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਜ਼ਦੂਰ ਜਥੇਬੰਦੀ ਦੇ ਪੰਜਾਬ ਪ੍ਰਧਾਨ ਅਤੇ ਮੁਕਤੀ ਮੋਰਚਾ ਦੇ ਹੋਰ ਮਜ਼ਦੂਰ ਆਗੂ ਵੀ ਬਰਨਾਲਾ ਪਹੁੰਚੇ ਹੋਏ ਸਨ। ਬਰਨਾਲਾ ਦੇ ਕਚਹਿਰੀ ਚੌਕ ਵਿੱਚ ਇਕੱਤਰ ਹੋਏ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮਜ਼ਦੂਰਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।
ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ :ਇਸ ਮੌਕੇ ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਜੋ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਉਹਨਾਂ ਤੋਂ ਸਰਕਾਰ ਪਿੱਛੇ ਹਟਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 18 ਸਾਲ ਤੋਂ ਵੱਧ ਉਮਰ ਵਾਲੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ ਪਰ ਡੇਢ ਸਾਲ ਬੀਤ ਜਾਣ ਤੇ ਸਰਕਾਰ ਨੇ ਇਸ ਗਾਰੰਟੀ ਵੱਲ ਕੋਈ ਧਿਆਨ ਨਹੀਂ ਦਿੱਤਾ। ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਰੁਜ਼ਗਾਰ ਗਾਰੰਟੀ ਵੀ ਦਿੱਤੀ ਗਈ ਸੀ ਪਰ ਅੱਜ ਪੰਜਾਬ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।