ਬਰਨਾਲਾ: ਜ਼ਿਲ੍ਹੇ ਦੀ ਸੀ.ਆਈ.ਏ ਪੁਲਿਸ ਨੇ 3 ਬਦਮਾਸ਼ਾਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਇਹਨਾਂ ਗ੍ਰਿਫਤਾਰ ਨੌਜਵਾਨਾਂ ਤੋਂ ਦੋ 32 ਬੋਰ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਗ੍ਰਿਫਤਾਰ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਕੁਲਦੀਪ ਸਿੰਘ ਕੀਪਾ 'ਤੇ ਪਹਿਲਾਂ ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ 'ਚ ਸ਼ਰਾਬ ਤਸਕਰੀ ਦੇ 6 ਮੁਕੱਦਮੇ ਦਰਜ ਹਨ ਅਤੇ ਇਕ ਹੋਰ ਮੁਲਜ਼ਮ ਪ੍ਰਗਟ ਸਿੰਘ 'ਤੇ ਥਾਣਾ ਮਹਿਲ ਕਲਾਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਪੀ.ਡੀ ਰਮੇਸ਼ ਚੌਧਰੀ ਨੇ ਦੱਸਿਆ ਕਿ ਸੀ.ਆਈ.ਏ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਦੇ ਆਧਾਰ 'ਤੇ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ 32 ਬੋਰ ਦੇ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਬਦਮਾਸ਼ ਕੁਲਦੀਪ ਸਿੰਘ ਉਰਫ਼ ਕੀਪਾ ਨੂੰ ਗ੍ਰਿਫ਼ਤਾਰ ਕਰਕੇ ਇੱਕ 32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।