ਬਰਨਾਲਾ:ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਤੱਕ ਰੋਸ਼ ਮਾਰਚ ਕੱਢਿਆ ਗਿਆ।
ਇਸ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਨੇਤਾਵਾਂ ਜਗਰੂਪ ਸਿੰਘ ਅਤੇ ਸੰਦੀਪ ਖਾਨ ਨੇ ਦੱਸਿਆ ਕਿ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ ਕਰੀਬ 3 ਮਹੀਨੇ ਹੋ ਚੁੱਕੇ ਹਨ ਪਰ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੁਆਰਾ ਪਹਿਲਾਂ ਵੀ ਤਿੰਨ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਜਾ ਚੁੱਕੇ ਹਨ ਅਤੇ 100 ਤੋਂ ਜ਼ਿਆਦਾ ਮੰਗ ਪੱਤਰ ਮੁੱਖਮੰਤਰੀ ਨੂੰ ਆਨਲਾਈਨ ਭੇਜੇ ਜਾ ਚੁੱਕੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ ਹੈ।