ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਦੇਸ਼ ਵਿੱਚ ਜਿੱਥੇ ਨਵੇਂ ਮਾਮਲੇ ਸਾਹਮਣੇ ਆਉਣ ਲੱਗੇ ਹਨ। ਉਥੇ ਹੀ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਅਜੇ ਬਚਾਅ ਦਿਖਾਈ ਦੇ ਰਿਹਾ ਹੈ। ਜ਼ਿਲ੍ਹਾ ਸਿਹਤ ਅਧਿਕਾਰੀਆਂ ਮੁਤਾਬਕ ਬਰਨਾਲਾ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ ਵਿੱਚ ਕੋਰੋਨਾ ਦੇ ਮਾਮਲੇ ਦੀ ਦਰ ਬਹੁਤ ਘੱਟ ਹੈ। ਇਸ ਕਰਕੇ ਬਹੁਤ ਘਬਰਾਉਣ ਦੀ ਲੋੜ ਨਹੀਂ ਹੈ, ਪਰ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਕਹਿ ਰਿਹਾ ਹੈ।
ਬਰਨਾਲਾ 'ਚ 2352 ਲੋਕ ਕੋਰੋਨਾ ਪੌਜ਼ੀਟਿਵ
ਬਰਨਾਲਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ.ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 78543 ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 2352 ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਨ੍ਹਾਂ ਮਰੀਜ਼ਾਂ ਵਿੱਚੋਂ 2247 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ 67 ਮੌਤਾਂ ਹੋ ਚੁੱਕੀਆਂ ਹਨ। ਸਮੁੱਚੇ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ ਦੌਰਾਨ 38 ਮਾਮਲੇ ਐਕਟਿਵ ਹਨ।
ਦੇਸ਼ ਭਰ ਵਿੱਚ ਕੋਰੋਨਾ ਦਾ ਨਵਾਂ ਉਭਾਰ, ਬਰਨਾਲਾ ਵਿੱਚ ਅਜੇ ਬਚਾਅ ਬਰਨਾਲਾ ਪੂਰੀ ਤਰ੍ਹਾਂ ਸੁਰੱਖਿਅਤ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਆਉਣ ਦੀ ਦਰ ਬਹੁਤ ਘੱਟ ਹੈ। ਫਰਵਰੀ ਮਹੀਨੇ ਵਿੱਚ 21 ਤਾਰੀਖ਼ ਤੱਕ 20 ਮਾਮਲੇ ਹੀ ਸਾਹਮਣੇ ਆਏ ਹਨ ਪਰ ਸਿਹਤ ਵਿਭਾਗ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਕੋਰੋਨਾ ਦੇ ਪੌਜ਼ੀਟਿਵ ਆਉਣ ਵਾਲੇ ਨਾਰਮਲ ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ। ਜਦੋਂਕਿ ਮਰੀਜ਼ਾਂ ਲਈ ਸੋਹਲ ਪੱਤੀ ਵਿਖੇ ਕੋਵਿਡ ਸੈਂਟਰ ਵੀ ਬਣਾਇਆ ਗਿਆ ਹੈ। ਜਿੱਥੇ ਸਿਹਤ ਵਿਭਾਗ ਦਾ ਸਟਾਫ ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ। ਮੌਜੂਦਾ ਸਮੇਂ ਵਿੱਚ ਕੋਵਿਡ ਸੈਂਟਰ ਵਿਚ ਸਿਰਫ਼ ਦੋ ਮਰੀਜ਼ ਹੀ ਦਾਖ਼ਲ ਹਨ।
ਜ਼ਿਲ੍ਹੇ ਵਿੱਚ ਕੋਈ ਨਹੀਂ ਕੰਟੋਨਮੈਂਟ ਜ਼ੋਨ
ਸਿਵਲ ਸਰਜਨ ਨੇ ਦੱਸਿਆ ਕਿ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਕਰਕੇ ਜ਼ਿਲ੍ਹੇ ਵਿੱਚ ਕੋਈ ਵੀ ਕੰਟੋਨਮੈਂਟ ਜ਼ੋਨ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਮਾਸਕ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਨਿਸ਼ਚਿਤ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਤਾਂ ਕਿ ਇਸ ਮਹਾਂਮਾਰੀ ਤੋਂ ਬਚਾਅ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਨਵੀਆਂ ਹਦਾਇਤਾਂ ਨਹੀਂ ਆਈਆਂ ਹਨ। ਜੇਕਰ ਕੋਈ ਨਵੀਂ ਹਦਾਇਤ ਆਉਂਦੀ ਹੈ ਤਾਂ ਇਸ ਸੰਬੰਧੀ ਜ਼ਿਲਾ ਨਿਵਾਸੀਆਂ ਨੂੰ ਸੁਚੇਤ ਕਰ ਦਿੱਤਾ ਜਾਵੇਗਾ।