ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਕੋਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਤਹਿਤ ਜਿੱਥੇ ਸਿਵਲ ਹਸਪਤਾਲ ਬਰਨਾਲਾ, ਸ਼ਹਿਰੀ ਮੁਢਲੇ ਕੇਂਦਰ ਸੰਧੂ ਪੱਤੀ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵੈਕਸੀਨ ਲਾਈ ਜਾ ਰਹੀ ਹੈ, ਉਥੇ ਹੀ, ਵੱਖ-ਵੱਖ ਥਾਈਂ ਕੈਂਪ ਵੀ ਲਗਾਏ ਜਾ ਰਹੇ ਹਨ।
ਇਸ ਮੁਹਿੰਮ ਤਹਿਤ ਸੋਮਵਾਰ ਨੂੰ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ ਦੀ ਅਗਵਾਈ ਹੇਠ ਅਤੇ ਐਸਐਮਓ ਧਨੌਲਾ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਸਿਹਤ ਬਲਾਕ ਧਨੌਲਾ ਦੀ ਟੀਮ ਵੱਲੋਂ ਪਿੰਡ ਰੂੜੇਕੇ ਕਲਾਂ ਦੇ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਟੀਕਾਕਰਨ ਕੈਂਪ ਲਾਇਆ ਗਿਆ।
ਸਿਵਲ ਸਰਜਨ, ਸੀਨੀਅਰ ਸਿਟੀਜ਼ਨਾਂ ਨੂੰ ਲਗਾਈ ਕੋਰੋਨਾ ਵੈਕਸੀਨ ਇਸ ਮੌਕੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ 60 ਸਾਲ ਤੋਂ ਉਪਰ ਦੇ ਬਜ਼ੁਰਗਾਂ ਅਤੇ 45 ਸਾਲ ਤੋਂ ਉਪਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਵੈਕਸੀਨ ਲਾਉਣ ਦੀ ਮੁਹਿੰਮ ਜਾਰੀ ਹੈ।
ਉਨਾਂ ਦੱਸਿਆ ਕਿ ਕੈਂਪ ਵਿੱਚ ਮੌਕੇ ’ਤੇ ਰਜਿਸਟ੍ਰੇਸ਼ਨ ਕਰ ਕੇ ਸੀਨੀਅਰ ਸਿਟੀਜ਼ਨਾਂ ਅਤੇ 45 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਾਈ ਗਈ ਹੈ। ਉਨਾਂ ਕਿਹਾ ਕਿ ਜਿਹੜੇ ਵਿਅਕਤੀ ਕੈਂਪ ਵਿਚ ਵੈਕਸੀਨ ਨਹੀਂ ਲਵਾ ਸਕੇ, ਉਹ ਸਿਵਲ ਹਸਪਤਾਲ ਬਰਨਾਲਾ, ਸ਼ਹਿਰੀ ਮੁਢਲੇ ਸਿਹਤ ਕੇਂਦਰ ਸੰਧੂ ਪੱਤੀ, ਸਬ ਡਿਵੀਜ਼ਨਲ ਹਸਪਤਾਲ ਤਪਾ ਜਾਂ ਸੀਐਸਸੀ ਧਨੌਲਾ, ਮਹਿਲ ਕਲਾਂ ਤੇ ਭਦੌੜ ਵਿੱਚ ਜਾ ਕੇ ਵੈਕਸੀਨ ਲਵਾ ਸਕਦੇ ਹਨ। ਉਨਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਇਸ ਦੀ ਫੀਸ 250 ਰੁਪਏ ਹੈ।