ਬਰਨਾਲਾ: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਗੁਲਾਬੀ ਸੁੰਡੀ ਦੀ ਮਾਰ ਦਾ ਕਿਸਾਨਾਂ ਨੂੰ ਸਾਹਮਣਾ ਕਰਨਾ ਪਿਆ ਹੈ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਕੀਤੀ ਜਾਵੇ। ਇਸ ਦੇ ਨਾਲ ਹੀ ਬਰਨਾਲਾ ਦੇ ਡੀ.ਸੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲੇ 'ਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਤਹਿਸੀਲ ਤਪਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨਾਂ ਪਿੰਡ ਤਾਜੋਕੇ, ਪੱਖੋ ਕਲਾਂ, ਰੂੜੇਕੇ ਖੁਰਦ, ਭੈਣੀ ਫੱਤਾ, ਧੂਰਕੋਟ, ਪੰਧੇਰ ਤੇ ਕੋਟਦੁੱਨਾ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਪਿੰਡਾਂ 'ਚ ਨਰਮੇ ਦੀ ਫਸਲ ਦੇ ਜਾਇਜ਼ੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਮਗਰੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਲਖੀਮਪੁਰ ਘਟਨਾ ਨੂੰ ਲੈਕੇ ਢੀਂਡਸਾ ਨੇ PM ਮੋਦੀ ਨੂੰ ਲਿਖਿਆ ਪੱਤਰ
ਡੀਸੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹੇ 'ਚ ਲੱਗਭਗ 1610 ਹੈਕਟੇਅਰ ਰਕਬੇ 'ਚ ਨਰਮੇ ਦੀ ਬਿਜਾਈ ਹੋਈ ਹੈ ਅਤੇ ਵੱਖ-ਵੱਖ ਪਿੰਡਾਂ 'ਚ ਗੁਲਾਬੀ ਸੁੰਡੀ ਕਾਰਨ ਹੋਏ ਵੱਖ-ਵੱਖ ਨੁਕਸਾਨ ਬਾਰੇ ਜਲਦ ਤੋਂ ਜਲਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।