ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਦਿੱਲੀ ਮੋਰਚੇ ਤੋਂ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਰਗਰਮ ਵਰਕਰ ਰੂਪ ਸਿੰਘ 70 ਵਜੋਂ ਹੋਈ ਹੈ। ਜੋ ਕਿ ਪਿਛਲੇ ਲਮਬੇ ਸਮੇਂ ਤੋਂ ਲਗਾਤਾਰ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਦੇ ਆ ਰਹੇ ਸਨ।
ਉਨ੍ਹਾਂ ਦੀ ਮੌਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਥੇ ਮ੍ਰਿਤਕ ਰੂਪ ਸਿੰਘ ਦੇ ਅੰਤਮ ਸੰਸਕਾਰ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹੀ ਜਥੇਬੰਦੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਮ੍ਰਿਤਕ ਰੂਪ ਸਿੰਘ ਗਹਿਲ ਦੀ ਮ੍ਰਿਤਕ ਦੇਹ ਉੱਪਰ ਜਥੇਬੰਦੀ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਸਰਗਰਮ ਵਰਕਰ ਰੂਪ ਸਿੰਘ ਗਹਿਲ ਨੇ ਹਮੇਸ਼ਾ ਹੀ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਹਨ। ਕਿਸਾਨੀ ਅੰਦੋਲਨ ਵਿੱਚ ਲਗਾਤਾਰ ਉਨ੍ਹਾਂ ਵੱਲੋਂ ਜਥੇਬੰਦੀ ਦੇ ਕਾਫ਼ਲਿਆਂ ਰਾਹੀਂ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਜਦੋਂ ਵੀ ਉਨ੍ਹਾਂ ਦੀ ਕਿਸੇ ਕੰਮ ਲਈ ਡਿਊਟੀ ਲਗਾਈ, ਉਨ੍ਹਾਂ ਨੇ ਉਸ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਹੈ।