ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਸ਼ਹਾਦਤਾਂ ਜਾਰੀ ਹਨ। ਬਰਨਾਲਾ ਜ਼ਿਲੇ ਵਿੱਚੋਂ ਹੁਣ ਤੱਕ 4 ਕਿਸਾਨ ਇਸ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰ ਚੁੱਕੇ ਹਨ। ਜਿਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਸ਼ਹੀਦ ਦਾ ਦਰਜ਼ਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀਂ ਸ਼ਹੀਦ ਹੋਏ ਕਿਸਾਨ ਕਾਹਨ ਸਿੰਘ ਧਨੇਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਭੋਗ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੇ ਨਾਲ ਹੀ ਜਥੇਬੰਦੀਆਂ ਦੇ ਦਬਾਅ ਤਹਿਤ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰਾਸ਼ੀ ਦਾ ਮੁਆਵਜ਼ਾ ਚੈੱਕ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਵਲੋਂ ਮ੍ਰਿਤਕ ਦੇ ਪਰਿਵਾਰ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
'ਅਸੀਂ ਵੀ ਪਿਤਾ ਵਾਂਗ ਸੰਘਰਸ਼ ਕਰਾਂਗੇ'
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਕਿਸਾਨ ਦੀ ਲੜਕੀ ਨੇ ਪਿਤਾ ਕਾਹਨ ਸਿੰਘ ਦੇ ਇਸ ਸੰਘਰਸ਼ ਵਿੱਚ ਸ਼ਹਾਦਤ ਪਾਉਣ ਉੱਤੇ ਮਾਣ ਮਹਿਸੂਸ ਕੀਤਾ। ਕਿਸਾਨ ਜਥੇਬੰਦੀਆਂ ਕਾਲੇ ਕਾਨੂੰਨਾਂ ਦਾ ਸੰਘਰਸ਼ ਲੜ ਰਹੀਆਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਇਸ ਸੰਘਰਸ਼ ਵਿੱਚ ਆਪਣੇ ਪਿਤਾ ਦੇ ਸੰਘਰਸ਼ ਨੂੰ ਜਾਰੀ ਰੱਖਣਗੇ।
'ਇਤਿਹਾਸ ਗਵਾਹ ਹੈ ਸੰਘਰਸ਼ ਲਈ ਕੁਰਬਾਨੀਆਂ ਜ਼ਰੂਰ ਹੁੰਦੀਆਂ'
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਾਡਾ ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ। ਜਿਸ ਤੋਂ ਸੇਧ ਲੈ ਕੇ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕਰ ਰਹੇ ਹਨ। ਜਿਸ ਦਿਨ 24 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਨੂੰ ਚਾਲੇ ਪਾਏ ਸਨ, ਉਸ ਦਿਨ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਕਾਹਨ ਸਿੰਘ ਨੇ ਵੀ ਇਸ ਸੰਘਰਸ਼ ਵਿੱਚ ਸ਼ਹਾਦਤ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਦੀ ਇਸ ਸ਼ਹਾਦਤ ਨੂੰ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਲੰਬਾ ਚੱਲੇਗਾ ਅਤੇ ਇਸ ਸੰਘਰਸ਼ ਵਿੱਚ ਹੁਣ ਬਹੁਤ ਕੁਰਬਾਨੀਆਂ ਦੇਣੀਆਂ ਬਾਕੀ ਹਨ। ਪਰ ਕਿਸਾਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੋਂ ਪਿੱਛੇ ਨਹੀਂ ਹੱਟਣਗੇ।