ਬਰਨਾਲਾ: ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਤੇ ਨਾਨ-ਟੀਚਿੰਗ ਦੀਆਂ ਅਸਾਮੀਆਂ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ। ਜਿਸ ਤਹਿਤ ਬਦਲੀ ਪ੍ਰਕਿਰਿਆ ਦੀ ਆੜ ਵਿੱਚ ਵਿਭਾਗ ਵੱਲੋਂ ਸਾਰੀਆਂ ਬਣਦੀਆਂ ਖਾਲੀ ਅਸਾਮੀਆਂ ਨੂੰ ਆਨਲਾਈਨ ਪੋਰਟਲ ਉੱਤੇ ਦਿਖਾਇਆ ਨਹੀਂ ਜਾ ਰਿਹਾ।
ਮਿਡਲ ਸਕੂਲਾਂ ਵਿੱਚ 228 ਅਸਾਮੀਆਂ ਨੂੰ ਪ੍ਰਾਇਮਰੀ ਪੱਧਰ 'ਤੇ ਬਲਾਕ ਵਿੱਚ ਸਿਫ਼ਟ ਕੀਤਾ ਗਿਆ ਹੈ ਅਤੇ ਪ੍ਰਾਇਮਰੀ ਸਕੂਲਾਂ ਵਿੱਚ 1904 ਹੈੱਡ ਟੀਚਰਾਂ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ। ਜਿਸ ਦੇ ਰੋਸ ਵਜੋਂ ਸਮੂਹ ਅਧਿਆਪਕਾਂ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਚਿੰਟੂ ਪਾਰਕ ਬਰਨਾਲਾ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਬਜ਼ਾਰ ਵਿੱਚ ਰੋਹ ਭਰਪੂਰ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਨੂੰ ਲਾਂਬੂ ਲਾਇਆ।