ਬਰਨਾਲਾ:ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੁੰ ਲੈ ਕੇ ਸੰਘਰਸ਼ ਜਾਰੀ ਹੈ। ਬਰਨਾਲਾ ਵਿਖੇ ਮੁਲਾਜ਼ਮਾਂ ਵੱਲੋਂ ਹੜਤਾਲ ਦੇ 27ਵੇਂ ਦਿਨ ਵੀ ਡੀਸੀ ਦਫ਼ਤਰ ਅੱਗੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਆਪ ਸਰਕਾਰ ਉਪਰ ਵਾਅਦਾਖਿਲਾਫ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਦੋਸ਼ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦੇ ਹੱਕ ਵਿੱਚ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਵਲੋਂ ਵੀ ਗੇਟ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਸਰਕਾਰ ਨਹੀਂ ਕਰ ਰਹੀ ਮੰਗ ਪੂਰੀ :ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਕਰੀਬ ਪਿਛਲੇ ਇੱਕ ਮਹੀਨੇ ਤੋਂ ਹੜਤਾਲ ਉਪਰ ਹਨ। ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਕੋਈ ਗੱਲ ਸੁਨਣ ਨੂੰ ਤਿਆਰ ਨਹੀਂ ਹੈ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਮੁਲਾਜ਼ਮ ਵਰਗ ਨੇ ਸਭ ਤੋਂ ਵੱਧ ਸਾਥ ਦਿੱਤਾ ਸੀ,ਪ੍ਰੰਤੂ ਮੁਲਾਜ਼ਮ ਅੱਜ ਆਪ ਸਰਕਾਰ ਤੋਂ ਸਭ ਤੋਂ ਵੱਧ ਦੁਖੀ ਹੈ। ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ,ਪੇ ਕਮਿਸ਼ਨ,ਡੀਏ ਅਤੇ ਹੋਰ ਮੰਗਾਂ ਤੁਰੰਤ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਸਰਕਰ ਨੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕੋਈ ਮੰਗ ਨਹੀਂ ਸੁਣੀ।