ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਕਿਸਾਨਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਡੰਡੇ ਦੇ ਜ਼ੋਰ ਦਬਾਉਣ ਦੀ ਮਨਸ਼ਾ ਪਾਲਦਿਆਂ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ ਹੈ। ਇਸ ਪੂਰੇ ਮਾਮਲੇ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਜਿਸ ਤਹਿਤ ਅੱਜ ਸੰਘਰਸ਼ ਦਾ ਪਿੜ ਮੱਲ ਕੇ ਕਿਸਾਨ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਸੜਕਾਂ 'ਤੇ ਨਿੱਕਲ ਤੁਰੇ। ਕਿਸਾਨਾਂ ਵਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।
ਸੰਘਰਸ਼ ਦਾ ਅਗਲਾ ਪੜਾਅ:ਇਸ ਸਮੇਂ ਆਗੂਆਂ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਮੋਦੀ ਸਰਕਾਰ ਦੀ ਇਹ ਕੋਈ ਪਹਿਲੀ ਸਾਜ਼ਿਸ਼ ਨਹੀਂ ਹੈ। ਦਿੱਲੀ ਕਿਸਾਨ ਮੋਰਚੇ ਦੌਰਾਨ ਵੀ ਅਜਿਹੀਆਂ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਸੁਚੱਜੀ ਅਗਵਾਈ ਅਤੇ ਚੇਤੰਨ ਜਥੇਬੰਦਕ ਤਾਕਤ ਨਾਲ ਹਰ ਸਾਜ਼ਿਸ਼ ਨੂੰ ਪਛਾੜਿਆ ਸੀ ਅਤੇ ਸੰਘਰਸ਼ ਨੂੰ ਅੱਗੇ ਵਧਾਇਆ ਸੀ। ਕਿਸਾਨਾਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਐਸਕੇਐਮ ਦੀ ਅਗਵਾਈ ਵਿੱਚ ਸੰਘਰਸ਼ ਦੇ ਦੂਜੇ ਪੜਾਅ ਵਜੋਂ 20 ਮਾਰਚ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਹਜ਼ਾਰਾਂ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਹਾ ਇਹ ਹੱਕ, ਸੱਚ, ਇਨਸਾਫ ਲਈ ਜੂਝਦੇ ਕਾਫ਼ਲੇ ਮੋਦੀ ਹਕੂਮਤ ਨੂੰ ਝੁਕਣ ਅਤੇ ਮੰਗਾਂ ਮੰਨਣ ਲਈ ਮਜ਼ਬੂਰ ਕਰਨਗੇ।