ਬਰਨਾਲਾ:ਮੀਂਹ ਅਤੇ ਗੜ੍ਹੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਆ ਗਏ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਜੱਥੇਬੰਦੀਆਂ ਵਲੋਂ ਵੱਖ ਵੱਖ ਥਾਵਾਂ ਤੇ ਰੇਲ ਮਾਰਗ ਜਾਮ ਕੀਤੇ ਗਏ। ਬਰਨਾਲਾ ਜਿਲ੍ਹੇ ਵਿੱਚ ਅੱਜ ਕਿਸਾਨਾਂ ਵਲੋਂ ਦੋ ਥਾਵਾਂ ਤੇ ਰੇਲ ਲਾਈਨਾਂ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਸ਼ਹਿਰ ਅਤੇ ਕਸਬਾ ਹੰਡਿਆਇਆ ਦੇ ਰੇਲਵੇ ਸਟੇਸ਼ਨ ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਰੇਲਵੇ ਲਾਈਨਾਂ ਬਲੌਕ ਕੀਤੀਆਂ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ।
ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਵੱਡੇ ਪੱਧਰ ਤੇ ਕਣਕ ਦੇ ਹੋਰ ਫ਼ਸਲਾਂ ਖ਼ਰਾਬ ਹੋਈਆ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਮੁਆਵਜ਼ੇ ਤੇ ਨਾਮ ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦਿਆਂ ਅੱਜ ਭਾਰਤ ਪੱਧਰ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਰੇਲਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਚੱਲਦਿਆਂ ਉਹਨਾ ਨੇ ਅੱਜ ਬਰਨਾਲਾ ਜਿਲ੍ਹੇ ਵਿੱਚ ਹੰਡਿਆਇਆ ਅਤੇ ਬਰਨਾਲਾ ਦੇ ਰੇਲਵੇ ਸਟੇਸ਼ਨ ਤੇ ਚਾਰ ਵਜੇ ਤੱਕ ਰੇਲਾਂ ਜਾਮ ਕੀਤੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਤੁਰੰਤ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰੇ ਨਹੀਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਮਜਬੂਰ ਹੋਣਗੇ।