ਬਰਨਾਲਾ: ਜ਼ਿਲ੍ਹੇ ਦੇ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦੇ ਦੂਜੇ ਦਿਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਵਰਚੂਅਲ ਤਰੀਕੇ ਸ਼ਮੂਲੀਅਤ ਕਰਦਿਆਂ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਹੌਸਲਾ ਅਫ਼ਜਾਈ ਕੀਤੀ।
ਉਨ੍ਹਾਂ ਨੇ ਗੱਲਬਾਤ ਕਰਦਿਆਂ ਮਾਪਿਆਂ ਨੂੰ ਵਿਸਵਾਸ਼ ਦਿਵਾਇਆ ਕਿ ਸਰਕਾਰੀ ਸਕੂਲਾਂ 'ਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਸਿੱਖਿਅਤ ਅਧਿਆਪਕ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਜਿੱਥੇ ਸਵੈ ਇੱਛਾ ਨਾਲ ਸਕੂਲ ਸਮੇਂ ਤੋਂ ਵਾਧੂ ਜਮਾਤਾਂ ਲਗਾ ਰਹੇ ਹਨ, ਉੱਥੇ ਸਵੈ ਇੱਛਾ ਨਾਲ ਹੀ ਵਿਦਿਆਰਥੀਆਂ ਨੂੰ ਸਵੇਰੇ ਸ਼ਾਮ ਫ਼ੋਨ ਕਰਕੇ ਪੜ੍ਹਨ ਲਈ ਵੀ ਪ੍ਰੇਰਤ ਕਰ ਰਹੇ ਹਨ। ਉਨ੍ਹਾਂ ਸਰਕਾਰੀ ਹਾਈ ਸਮਾਰਟ ਸਕੂਲ ਧੂਰਕੋਟ ਦੇ ਹੈਡਮਿਸਟ੍ਰੈਸ ਹਰਪ੍ਰੀਤ ਕੌਰ ਤੇ ਸਰਕਾਰੀ ਹਾਈ ਸਮਾਰਟ ਸਕੂਲ ਮਹਿਲ ਖੁਰਦ ਦੇ ਹੈਡਮਾਸਟਰ ਕੁਲਦੀਪ ਸਿੰਘ ਨਾਲ ਗੱਲਬਾਤ ਕਰਨ ਤੋਂ ਇਲਾਵਾ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਬੱਚਿਆਂ ਦੀ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਪੜ੍ਹਾਈ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।